ਰਤਨ ਸਿੰਘ ਢਿੱਲੋਂ
ਅੰਬਾਲਾ, 16 ਅਗਸਤ
ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਸੰਘਰਸ਼ ਵਿੱਢ ਦਿੱਤਾ ਹੈ। ਅੱਜ ਜਿਥੇ ਇਕ ਪਾਸੇ ਸ਼ਹਿਰ ਦੀ ਅਨਾਜ ਮੰਡੀ ’ਚ ਆਜ਼ਾਦੀ ਦਿਵਸ ਸਮਾਗਮ ਚੱਲ ਰਿਹਾ ਸੀ, ਉਥੇ ਇਸੇ ਅਨਾਜ ਮੰਡੀ ’ਚ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਥੱਲੇ ਸੈਂਕੜੇ ਕਿਸਾਨ ਹੱਥਾਂ ਵਿਚ ਕਾਲੇ ਝੰਡੇ ਫੜੀ ਪਹੁੰਚ ਗਏ ਅਤੇ ਧਰਨਾ/ਪ੍ਰਦਰਸ਼ਨ ਕੀਤਾ। ਉਥੋਂ ਜਲੂਸ ਦੀ ਸ਼ਕਲ ਵਿਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ, ਜਿਥੇ ਆਰਡੀਨੈਂਸ ਦੀਆਂ ਕਾਪੀਆਂ ਅੱਗ ਦੇ ਹਵਾਲੇ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਤਿੰਨੇ ਆਰਡੀਨੈਂਸ ਵਾਪਸ ਨਾ ਲਏ ਤਾਂ 10 ਸਤੰਬਰ ਨੂੰ ਉਹ ਹੋਰ ਅੰਦੋਲਨ ਕਰਨਗੇ। ਇਸ ਮੌਕੇ ਹਰਿਆਣਾ ਡੈਮੋਕ੍ਰੇਟਿਕ ਫਰੰਟ ਦੇ ਬਾਨੀ ਅਤੇ ਸਾਬਕਾ ਮੰਤਰੀ ਨਿਰਮਲ ਸਿੰਘ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪਹੁੰਚੇ।