ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਚਾਰ ਸਾਲਾਂ ਲਈ ਨੌਜਵਾਨਾਂ ਦੀ ਭਰਤੀ ਲਈ ਸ਼ੁਰੂ ਕੀਤੀ ‘ਅਗਨੀਪਥ’ ਯੋਜਨਾ ਦਾ ਦੇਸ਼ ਭਰ ਵਿੱਚ ਨੌਜਵਾਨ ਵਿਰੋਧ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ‘ਅਗਨੀਪਥ’ ਯੋਜਨਾ ਅਧੀਨ ਫੌਜ ਵਿੱਚੋਂ ਚਾਰ ਸਾਲਾਂ ਬਾਅਦ ਸੇਵਾਮੁਕਤ ਹੋ ਕੇ ਆਉਣ ਵਾਲੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰਾਂ ਨੂੰ ਹਰਿਆਣਾ ਪੁਲੀਸ ਅਤੇ ਗਰੁੱਪ ਸੀ ਦੀਆਂ ਨੌਕਰੀਆਂ ਲਈ ਤਰਜੀਹ ਦਿੱਤੀ ਜਾਵੇਗੀ। ਉਹ ਅੱਜ ਭਿਵਾਨੀ ਵਿੱਚ 8ਵੇਂ ਕੌਮਾਂਤਰੀ ਯੋਗ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਬਾਰੇ ਟਵੀਟ ਕਰਕੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਖੱਟਰ ਨੇ ਕਿਹਾ ਕਿ ਸੈਨਾ ਵਿੱਚ ਨੌਕਰੀ ਕਰਨਾ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ। ਇਸ ਲਈ ਅਗਨੀਪਥ ਯੋਜਨਾ ਅਧੀਨ ਸੇਵਾ ਮੁਕਤ ਹੋਣ ਵਾਲੇ 75 ਫ਼ੀਸਦ ਨੌਜਵਾਨਾਂ ਨੂੰ ਬੇਰੁਜ਼ਗਾਰ ਹੋਣ ਦਾ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹਰਿਆਣਾ ਨਾਲ ਸਬੰਧਤ ਨੌਜਵਾਨਾਂ ਲਈ ਸੂੁਬਾ ਸਰਕਾਰ ਹਰ ਵੇਲੇ ਖੜ੍ਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਨਾ ਵਿੱਚ ਪੂਰਾ ਬਦਲਾਅ ਕੀਤਾ ਹੈ। ਹੁਣ ਤਕਨੀਕੀ ਆਧਾਰ ’ਤੇ ਸੈਨਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ 10ਵੀਂ ਅਤੇ 12ਵੀਂ ਦੇ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਅਗਨੀਪਥ ਯੋਜਨਾ ਅਧੀਨ 4 ਸਾਲਾਂ ਬਾਅਦ ਸੇਵਾ ਮੁਕਤ ਹੋਣ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਰੰਟੀ ਦੇਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ।