ਯਮੁਨਾਨਗਰ (ਪੱਤਰ ਪ੍ਰੇਰਕ):
ਇਥੇ ਸੀਆਈਏ-1 ਦੀ ਪੁਲੀਸ ਟੀਮ ਨੇ ਰੇਲਵੇ ਸਟੇਸ਼ਨ ਤੋਂ ਇਕ ਵਿਅਕਤੀ ਅਤੇ ਤਿੰਨ ਨਾਬਾਲਗ ਲੜਕੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 33 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ ਬਰਾਮਦ ਹੈਰੋਇਨ ਦੀ ਕੀਮਤ ਕਰੀਬ ਇੱਕ ਕਰੋੜ ਰੁਪਏ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਲਿਆ ਹੈ, ਜਦੋਂ ਕਿ ਤਿੰਨੋਂ ਨਾਬਾਲਗ ਲੜਕੀਆਂ ਨੂੰ ਬਾਲ ਸੁਧਾਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਸੀਆਈਏ ਇੰਚਾਰਜ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਯਮੁਨਾਨਗਰ-ਜਗਾਧਰੀ ਰੇਲਵੇ ਸਟੇਸ਼ਨ ’ਤੇ ਇੱਕ ਵਿਅਕਤੀ ਅਤੇ ਤਿੰਨ ਨਾਬਾਲਗ ਲੜਕੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕੋਲੋਂ 33 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਰਾਜ ਵਜੋਂ ਹੋਈ ਹੈ।