ਚੰਡੀਗੜ੍ਹ (ਆਤਿਸ਼ ਗੁਪਤਾ): ‘ਦੇਸ਼ ਵਿੱਚ ਕਰੋਨਾਵਾਇਰਸ ਦੀ ਤੀਜੀ ਲਹਿਰ ਅਤੇ ਓਮੀਕਰੋਨ ਦੀ ਆਮਦ ਦਾ ਖ਼ਦਸ਼ਾ ਜਤਾਉਂਦਿਆਂ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਜਿਸ ਬਾਰੇ ਕਈ ਵੱਡੇ ਫ਼ੈਸਲੇ ਲਏ ਜਾ ਰਹੇ ਹਨ।’ ਇਹ ਗੱਲ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਆਖੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਤੇਜ਼ੀ ਨਾਲ ਕਰੋਨਾ ਵੈਕਸੀਨ ਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਜਿਨ੍ਹਾਂ ਲੋਕਾਂ ਨੇ 1 ਜਨਵਰੀ 2022 ਤੱਕ ਕਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨਹੀਂ ਲਗਵਾਈਆਂ, ਉਨ੍ਹਾਂ ਦੀ ਰੈਸਟੋਰੈਂਟਾਂ, ਸ਼ਾਪਿੰਗ ਮਾਲਾਂ, ਬੈਂਕਾਂ ਅਤੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਜਨਤਕ ਥਾਵਾਂ ’ਤੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਤੀਜੀ ਲਹਿਰ ਦੇ ਮੱਦੇਨਜ਼ਰ ਹਰਿਆਣਾ ਨੂੰ ਆਕਸੀਜਨ ਦੀ ਪੈਦਾਵਾਰ ਲਈ ਆਤਮ-ਨਿਰਭਰ ਬਣਾ ਦਿੱਤਾ ਗਿਆ ਹੈ। ਸ੍ਰੀ ਵਿੱਜ ਨੇ ਕਿਹਾ ਕਿ ਓਮੀਕਰੋਨ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ, ਜੋ ਲਗਾਤਾਰ ਡਬਲਿਊਐੱਚਓ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਜ਼ਿੰਦਗੀ ਗਵਾਉਣ ਵਾਲੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ਼, ਨਰਸਾਂ ਅਤੇ ਐਂਬੂਲੈਂਸ ਚਾਲਕਾਂ ਦੀ ਯਾਦ ਵਿੱਚ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ‘ਯਾਦਗਾਰੀ ਦੀਵਾਰ’ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ 28 ਮੁਲਾਜ਼ਮਾਂ ਦੀ ਜਾਨ ਕਰੋਨਾ ਕਾਰਨ ਚਲੀ ਗਈ ਹੈ ਜਿਨ੍ਹਾਂ ਵਿੱਚੋਂ 27 ਜਣਿਆਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂਕਿ ਬਾਕੀ ਰਹਿੰਦੇ ਇੱਕ ਪਰਿਵਾਰ ਨੂੰ ਜਲਦ ਹੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਜਾਨ ਗਵਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੀ ਯਾਦ ਵਿੱਚ ਵੀ ਪੁਲੀਸ ਦੇ ਮੁੱਖ ਦਫ਼ਤਰ ਵਿੱਚ ਯਾਦਗਾਰੀ ਦੀਵਾਰ ਬਣਾਈ ਜਾਵੇਗੀ। ਸ੍ਰੀ ਵਿੱਜ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ 980 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਹਰਿਆਣਾ ਸਰਕਾਰ ਨੇ ਪੁਲੀਸ ਨੂੰ ਸੂਬੇ ਵਿੱਚ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾ ਕਰਨ ਵਾਲੇ ਵਿਅਕਤੀ ਦਾ 500 ਰੁਪਏ ਦਾ ਚਲਾਨ ਕੀਤਾ ਜਾਵੇਗਾ।