ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਚ ਸਥਿਤ ਗੁਰੂਘਰਾਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਦਾ ਇੱਕ ਜਥਾ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰੇ ਤੋਂ ਰਵਾਨਾ ਕੀਤਾ। ਇਸ ਤੋਂ ਪਹਿਲਾਂ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਕੌਰ ਤੇ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਸੰਗਤਾਂ ਨੂੰ ਉਨ੍ਹਾਂ ਦੇ ਪਾਸਪੋਰਟ ਦਿੱਤੇ। ਬੀਬੀ ਰਵਿੰਦਰ ਕੌਰ ਅਜਰਾਣਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਅੱਜ ਇਹ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ। ਕਮੇਟੀ ਦੇ ਯਾਤਰਾ ਵਿਭਾਗ ਦੀ ਸੇਵਾ ਦਾ ਜ਼ਿੰਮਾ ਸੰਭਾਲ ਰਹੇ ਕਪਾਲ ਮੋਚਨ ਗੁਰਦੁਆਰਾ ਬਿਲਾਸਪੁਰ ਦੇ ਮੈਨੇਜਰ ਹਰਕੀਰਤ ਸਿੰਘ ਨੇ ਜਥੇ ਨੂੰ ਉਥੋਂ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਥਾ ਅੱਜ ਦੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਨੂੰ ਆਰਾਮ ਕਰੇਗਾ ਤੇ 21 ਜੂਨ ਨੂੰ ਸਵੇਰੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ’ਚ ਪ੍ਰਵੇਸ਼ ਕਰੇਗਾ। ਇਸ ਜਥੇ ’ਚ 24 ਜਣੇ ਹਨ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਭਾਰਤ ਆਏਗਾ।