ਅੰਬਾਲਾ (ਰਤਨ ਸਿੰਘ ਢਿੱਲੋਂ): ਰਸੋਈ ਗੈਸ, ਡੀਜ਼ਲ ਅਤੇ ਪੈਟਰੋਲ ਸਣੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਅੱਜ ਹਰਿਆਣਾ ਡੈਮੋਕ੍ਰੈਟਿਕ ਫਰੰਟ ਨੇ ਚਿਤਰਾ ਸਰਵਾਰਾ ਦੀ ਅਗਵਾਈ ਵਿਚ ਅੰਬਾਲਾ ਛਾਉਣੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਸਦਰ ਬਾਜ਼ਾਰ ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਖੱਟਰ ਸਰਕਾਰ ਅਤੇ ਮੰਤਰੀ ਅਨਿਲ ਵਿੱਜ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਚਿਤਰਾ ਸਰਵਾਰਾ ਨੇ ਕਿਹਾ ਕਿ ਦੇਸ਼ ਦੀ ਜੀਡੀਪੀ ਮਾਈਨਸ ਵਿਚ ਜਾਣ ਦਾ ਰਿਕਾਰਡ ਬਣਾ ਚੁੱਕੀ ਹੈ ਜਦੋਂ ਕਿ ਗੈਸ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਆਜ਼ਾਦੀ ਤੋਂ ਬਾਅਦ ਦੇ ਇਤਿਹਾਸ ਵਿਚ ਸਭ ਤੋਂ ਵੱਧ ਹੋਣ ਦਾ ਰਿਕਾਰਡ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ, ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਕਿਸਾਨਾਂ, ਪੱਤਰਕਾਰਾਂ, ਵਕੀਲਾਂ ਅਤੇ ਸਮਾਜ-ਸੇਵੀਆਂ ਨੂੰ ਪੁਲੀਸ ਜੇਲ੍ਹਾਂ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ ਸਮੇਤ ਅਨੇਕਾਂ ਸਥਾਨਾਂ ’ਤੇ ਅੰਦੋਲਨ ਕਰਨ ਵਾਲੇ ਕਿਸਾਨਾਂ ਵਿਚੋਂ 200 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਸਮੇਤ ਭਾਜਪਾ ਦੇ ਹੋਰ ਮੰਤਰੀ ਕਿਸਾਨਾਂ ਨਾਲ ਹਮਦਰਦੀ ਕਰਨ ਦੀ ਥਾਂ ਪੱਛਮੀ ਬੰਗਾਲ ਵਿਚ ਰਾਜ ਸਰਕਾਰ ਦੇ ਗਠਨ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਤਮਨਿਰਭਰ ਬਣਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦੀ ਥਾਂ ਅਪਮਾਨਿਤ ਕੀਤਾ ਜਾ ਰਿਹਾ ਹੈ।