ਰਤਨ ਸਿੰਘ
ਅੰਬਾਲਾ, 7 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਦੇ ਬਾਵਜੂਦ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਪਾਰਥ ਗੁਪਤਾ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 12 ਸਤੰਬਰ ਦੁਪਹਿਰ 3 ਵਜੇ ਤੱਕ ਹੈ। ਅਧਿਕਾਰੀ ਮੁਤਾਬਕ 13 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 16 ਸਤੰਬਰ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਅਤੇ ਉਸੇ ਦਿਨ ਬਾਅਦ ਦੁਪਹਿਰ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸੂਚੀ ਦੇ ਨਾਲ-ਨਾਲ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਾਂ 5 ਅਕਤੂਬਰ ਪੈਣਗੀਆਂ ਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਉਮੀਦਵਾਰਾਂ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਦਾਇਰ ਕੀਤੇ ਜਾਣ ਵਾਲੇ ਹਲਫ਼ਨਾਮੇ ਵਿੱਚ ਸਾਰੇ ਕਾਲਮ ਭਰਨੇ ਹੋਣਗੇ। ਉਨ੍ਹਾਂ ਕਿਹਾ ਕਿ ਏ.ਈ.ਓ., ਲੇਖਾ ਟੀਮ, ਵੀ.ਐਸ ਅਤੇ ਵੀ.ਵੀ ਟੀਮਾਂ ਫੀਲਡ ਵਿੱਚ ਰਹਿ ਕੇ ਹਰ ਗਤੀਵਿਧੀ ‘ਤੇ ਨਜ਼ਰ ਰੱਖ ਕੇ ਆਪਣਾ ਕੰਮ ਕਰ ਰਹੀਆਂ ਹਨ। ਪੇਡ ਨਿਊਜ਼ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਚੋਣਾਂ ਦੇ ਮੱਦੇਨਜ਼ਰ ਪੁਲੀਸ ਨੇ 34 ਅੰਤਰਰਾਜੀ ਤੇ ਜ਼ਿਲ੍ਹਾ ਪੱਧਰੀ ਨਾਕੇ ਲਾਏ
ਅੰਬਾਲਾ: ਅੰਬਾਲਾ ਦੇ ਐਸ.ਪੀ ਸੁਰਿੰਦਰ ਸਿੰਘ ਭੋਰੀਆ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਬਾਲਾ ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲਗਦੇ 34 ਥਾਵਾਂ ’ਤੇ ਅੰਤਰਰਾਜੀ ਅਤੇ ਜ਼ਿਲ੍ਹਾ ਪੱਧਰੀ ਨਾਕੇ ਲਾਏ ਗਏ ਹਨ ਅਤੇ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕਰਕੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਕੁੱਲ 34 ਨਾਕੇ ਲਾਏ ਗਏ ਹਨ ਜਿਨ੍ਹਾਂ ਵਿੱਚ ਅੰਬਾਲਾ ਪੁਲੀਸ ਦੇ ਨਾਲ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅਨੁਸਾਰ ਸਮੂਹ ਥਾਣਿਆਂ ਅਤੇ ਚੌਕੀਆਂ ਦੇ ਇੰਚਾਰਜਾਂ ਨੂੰ ਆਪੋ-ਆਪਣੇ ਪੁਲੀਸ ਸਟੇਸ਼ਨਾਂ ਦੇ ਖੇਤਰਾਂ ਵਿੱਚ ਵੱਧ ਤੋਂ ਵੱਧ ਗਸ਼ਤ ਕਰਨ, ਸ਼ੱਕੀ ਅਤੇ ਦਬੰਗ ਲੋਕਾਂ ਦੀਆਂ ਫੋਟੋਆਂ ਪ੍ਰਾਪਤ ਕਰਕੇ ਉਨ੍ਹਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਖੁਫੀਆ ਤੰਤਰ ਨੂੰ ਗੁਪਤ ਸੂਚਨਾਵਾਂ ਇਕੱਠੀਆਂ ਕਰਕੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਬਣਾਈ ਰੱਖਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣਾ ਹੈ। ਐਸ.ਪੀ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਅੰਬਾਲਾ ਪੁਲੀਸ ਨੇ ਅਗਸਤ ਮਹੀਨੇ ਤੋਂ ਹੁਣ 30 ਹਜ਼ਾਰ 966 ਲੀਟਰ ਨਾਜਾਇਜ਼ ਸ਼ਰਾਬ, 04 ਕਿੱਲੋ 946 ਗਰਾਮ 132 ਮਿਲੀਗਰਾਮ ਨਸ਼ੀਲਾ ਪਦਾਰਥ (ਅਫੀਮ, ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥ) 2 ਦੇਸੀ ਪਿਸਤੌਲ ਅਤੇ 16 ਕਾਰਤੂਸ ਬਰਾਮਦ ਕੀਤੇ ਹਨ।