ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜਨਵਰੀ
ਹਰਿਆਣਾ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਿੱਜੀ ਖੇਤਰ ਦੀਆਂ ਕੰਪਨੀਆਂ ਦੇ ਰੁਜ਼ਗਾਰ ’ਚ 75 ਫ਼ੀਸਦੀ ਸਥਾਨਕ ਨੌਜਵਾਨਾਂ ਲਈ ਰਾਖਵਾਂਕਰਨ ਦਾ ਨਿਯਮ ਲਾਗੂ ਕਰ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਸਥਿਤ ਨਿੱਜੀ ਖੇਤਰ ਦੀਆਂ ਕੰਪਨੀਆਂ, ਸੰਸਥਾਨਾਂ, ਟਰੱਸਟਾਂ, ਸੁਸਾਇਟੀ ਤੇ ਉਦਯੋਗਾਂ ’ਚ ਸਥਾਨਕ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਵਿਵਸਥਾ ਨਾਲ ਨਿੱਜੀ ਖੇਤਰ ’ਚ ਸੂਬੇ ਦੇ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਰਾਹ ਖੁੱਲ੍ਹਣਗੇ। ਕਿਰਤ ਵਿਭਾਗ ਵੱਲੋਂ ਪੋਰਟਲ ਬਣਾਇਆ ਗਿਆ ਹੈ ਜਿਸ ’ਤੇ ਨਿੱਜੀ ਕੰਪਨੀਆਂ ਨੂੰ ਨੌਕਰੀਆਂ ਬਾਰੇ ਸਾਰੀ ਜਾਣਕਾਰੀ ਮੁਹੱਈਆ ਕਰਵਾਉਣੀ ਲਾਜ਼ਮੀ ਹੋਵੇਗੀ। ਦੱਸਣਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਸ ਯੋਜਨਾ ਦਾ ਐਲਾਨ ਕੀਤਾ ਸੀ ਜਿਸ ਲਈ ਸੂਬਾ ਸਰਕਾਰ ਨੇ ਨਿੱਜੀ ਖੇਤਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਸਨ। ਹਰਿਆਣਾ ਸਰਕਾਰ ਨੇ ਇਸ ਨਿਯਮ ਨੂੰ ਸੂਬੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।