ਸਰਬਜੋਤ ਸਿੰਘ ਦੁੱਗਲ
ਕਰਨਾਲ, 22 ਅਗਸਤ
ਹਰਿਆਣਾ ਸੂਬੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਮੀ ਕਾਰਜਕਾਰਨੀ, ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਕਤ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਗਠਨ ਦਾ ਐਲਾਨ ਵੀ ਕੀਤਾ ਗਿਆ ਹੈ।
ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਸਿਰਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲਾ, ਪਾਰਟੀ ਮਹਿਲਾ ਵਿੰਗ ਦੀ ਹਰਿਆਣਾ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਕੌਰ, ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਅੰਬਾਲਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਦੇ ਪੀਏਸੀ ਮੈਂਬਰ ਤੇ ਹਰਿਆਣਾ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਸਣੇ ਹਰਿਆਣਾ ਦੇ ਕਰੀਬ 10 ਜ਼ਿਲ੍ਹਿਆਂ ਦੇ ਪ੍ਰਧਾਨ, ਮੀਤ ਪ੍ਰਧਾਨ, ਹਲਕਾ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਵਿੱਚ ਸ਼ਾਮਲ ਹੋ ਗਏ ਹਨ।
ਸੂਬਾਈ ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਹਰਿਆਣਾ ਦੇ ਸਮੂਹ ਸਿੱਖਾਂ ਨੂੰ ਇੱਕ ਝੰਡੇ ਹੇਠ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਵਿੱਚ ਉਹ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਿੱਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਨਾਲ ਜੋੜਨਗੇ। ਉਸ ਮਗਰੋਂ ਕਰਨਾਲ ਵਿੱਚ ਵੱਡੇ ਪੱਧਰ ’ਤੇ ਜਨ ਸਭਾ ਕਰਕੇ ਸੂਬਾ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੀ ਕਾਰਵਾਈ ਲਈ ਫਿਲਹਾਲ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਭੁਪਿੰਦਰ ਸਿੰਘ ਅਸੰਧ, ਸੁਖਦੇਵ ਸਿੰਘ ਗੋਬਿੰਦਗੜ੍ਹ, ਇੰਦਰਪਾਲ ਸਿੰਘ ਕਰਨਾਲ ਅਤੇ ਉਹ ਖ਼ੁਦ ਸ਼ਾਮਲ ਹਨ।
ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਾਉਣ ਦਾ ਅਹਿਦ ਲਿਆ
ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਕਿਹਾ ਕਿ ਅੱਜ ਹਰਿਆਣਾ ਦੇ ਸਿੱਖਾਂ ਨੇ ਹਰਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਵੱਖ ਕਰ ਲਿਆ ਹੈ। ਹੁਣ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਹੈ।
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਤੋਂ ਪਾਰਟੀ ਹਿੱਤ ਵਿੱਚ ਅਸਤੀਫਾ ਮੰਗਿਆ
ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਸੰਧ ਨੇ ਬਾਦਲ ਪਰਿਵਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਜ਼ਿਆਦਾ ਅਹਿਮੀਅਤ ਦੇ ਕੇ ਪਾਰਟੀ ਨੂੰ ਜ਼ਮੀਨ ’ਤੇ ਲਿਆਂਦਾ ਗਿਆ ਹੈ। ਉਨ੍ਹਾਂ ਪਾਰਟੀ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਤੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਹਿੱਤ ਵਿੱਚ ਅਸਤੀਫਾ ਦੇ ਕੇ ਘਰ ਬੈਠਣ ਦੀ ਸਲਾਹ ਵੀ ਦਿੱਤੀ ਤਾਂ ਜੋ ਕੁਰਬਾਨੀਆਂ ਦੇਣ ਮਗਰੋਂ 1920 ਵਿੱਚ ਬਣੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਇਆ ਜਾ ਸਕੇ।