ਚੰਡੀਗੜ੍ਹ, 19 ਨਵੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਹੱਕ ਹੈ। ਉਨ੍ਹਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਵਿਧਾਨ ਸਭਾ ਦੀ ਇਕ ਵਾਧੂ ਇਮਾਰਤ ਬਣਾਉਣ ਦੇ ਸੂਬੇ ਦੇ ਯਤਨਾਂ ਨੂੰ ਜਾਇਜ਼ ਠਹਿਰਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਕੰਪਲੈਕਸ ਦੀ ਉਸਾਰੀ ਅਹਿਮ ਮੁੱਦਾ ਹੈ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ।
ਹਰਿਆਣਾ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਸਰਕਾਰ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਅਸ਼ੋਕ ਅਰੋੜਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਲਈ ਜ਼ਮੀਨ ਦੇਣ ਸਬੰਧੀ ਮੁੱਦਾ ਚੁੱਕਿਆ। ਸ੍ਰੀ ਸੈਣੀ ਨੇ ਕਿਹਾ ਕਿ ਇਹ ਬਹੁਤ ਅਹਿਮ ਮਾਮਲਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਦੇ ਮੁੱਦੇ ’ਤੇ ਆਲ ਪਾਰਟੀ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਵਿਚਾਰ-ਚਰਚਾ ਤੋਂ ਬਾਅਦ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਆਗੂਆਂ ਨੇ ਪਹਿਲਾਂ ਵੀ ਐੱਸਵਾਈਐੱਲ ਦੇ ਮੁੱਦੇ ’ਤੇ ਸਿਆਸਤ ਕੀਤੀ ਹੈ, ਜਿਸ ਕਾਰਨ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਾ ਪਾਣੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਕਹਿਣ ਦੇ ਬਾਵਜੂਦ ਹਰਿਆਣਾ ਦੇ ਕਿਸਾਨਾਂ ਨੂੰ ਐੱਸਵਾਈਐੱਲ ਦਾ ਪਾਣੀ ਨਹੀਂ ਦਿੱਤਾ ਗਿਆ।