ਦਿਨੇਸ਼ ਭਾਰਦਵਾਜ
ਚੰਡੀਗੜ੍ਹ, 29 ਅਗਸਤ
ਵਿਧਾਨ ਸਭਾ ਦਾ ਇਜਲਾਸ ਛੇ ਮਹੀਨਿਆਂ ਦੇ ਅੰਦਰ ਨਾ ਸੱਦੇ ਜਾਣ ਕਾਰਨ ਹਰਿਆਣਾ ਵਿਧਾਨ ਸਭਾ ਭੰਗ ਹੋ ਸਕਦੀ ਹੈ। ਉਂਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 31 ਅਗਸਤ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਸਰਕਾਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕੈਬਨਿਟ ਮੀਟਿੰਗ ਸੱਦੇ ਜਾਣ ਦੀ ਇਜਾਜ਼ਤ ਮੰਗੀ ਹੈ। ਕੈਬਨਿਟ ਮੀਟਿੰਗ ’ਚ ਜਾਂ ਤਾਂ ਵਿਧਾਨ ਸਭਾ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਜਾਂ ਫਿਰ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਭੰਗ ਹੋਣ ਦੀ ਸੰਭਾਵਨਾ ਜ਼ਿਆਦਾ ਲਗਦੀ ਹੈ ਕਿਉਂਕਿ ਅਜਿਹਾ ਕਰਨਾ ਸੰਵਿਧਾਨਕ ਤੌਰ ’ਤੇ ਸਰਕਾਰ ਦੀ ਮਜਬੂਰੀ ਬਣ ਗਿਆ ਹੈ।
ਸੂਤਰਾਂ ਨੇ ਕਿਹਾ ਕਿ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਦਾ ਜੋਖ਼ਮ ਸ਼ਾਇਦ ਹੀ ਲਵੇ ਕਿਉਂਕਿ ਵਿਰੋਧੀ ਧਿਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਉਸ ਨੂੰ ਘੇਰ ਸਕਦੀ ਹੈ ਜਿਸ ਦਾ ਅਸਰ ਵਿਧਾਨ ਸਭਾ ਚੋਣਾਂ ’ਤੇ ਪੈ ਸਕਦਾ ਹੈ। ਕੈਬਨਿਟ ਮੀਟਿੰਗ ਦੀ ਇਜਾਜ਼ਤ ਮਿਲਣ ਮਗਰੋਂ ਜੇ ਵਿਧਾਨ ਸਭਾ ਭੰਗ ਕਰਨ ਦਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਫਿਰ ਇਸ ਬਾਰੇ ਰਾਜਪਾਲ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਤੁਰੰਤ ਮਗਰੋਂ ਵਿਧਾਨ ਸਭਾ ਭੰਗ ਹੋ ਜਾਵੇਗੀ। ਇਸ ਮਗਰੋਂ ਰਾਜਪਾਲ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੀ ਕੈਬਨਿਟ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕੇਅਰਟੇਕਰ ਸਰਕਾਰ ਵਜੋਂ ਜ਼ਿੰਮੇਵਾਰੀ ਸੰਭਾਲੀ ਜਾ ਸਕਦੀ ਹੈ।
ਭਾਜਪਾ ਵੱਲੋਂ ਹਰਿਆਣਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ
ਨਵੀਂ ਦਿੱਲੀ:
ਅਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਅੱਜ ਇੱਥੇ ਮੁਲਾਕਾਤ ਕੀਤੀ ਗਈ। ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਕੇਂਦਰੀ ਚੋਣ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਹੋਏ। ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ, ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਲਈ ਅੱਜ ਇੱਥੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ’ਤੇ ਵੀ ਪਾਰਟੀ ਦੇ ਕੋਰ ਗਰੁੱਪ ਦੀ ਮੀਟਿੰਗ ਹੋਈ, ਜਿਸ ਵਿਚ ਕੇਂਦਰ ਮੰਤਰੀ ਅਮਿਤ ਸ਼ਾਹ ਸਣੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਸਨ। ਬੈਠਕ ਵਿਚ ਕੇਂਦਰੀ ਮੰਤਰੀ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਧਰਮੇਂਦਰ ਪ੍ਰਧਾਨ, ਮਨੋਹਰ ਲਾਲ ਖੱਟਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਹਾਜ਼ਰ ਸਨ। ਉਂਜ ਪ੍ਰਧਾਨ ਨੇ ਆਪਣੀ ਰਿਹਾਇਸ਼ ’ਤੇ ਹਰਿਆਣਾ ਭਾਜਪਾ ਆਗੂਆਂ ਨਾਲ ਵੱਖਰੇ ਤੌਰ ’ਤੇ ਬੈਠਕ ਕੀਤੀ ਸੀ।
ਭਾਜਪਾ ਦੀ ਕੋਰ ਗਰੁੱਪ ਦੀ ਮੀਟਿੰਗ ਮਗਰੋਂ ਸੀਨੀਅਰ ਆਗੂ ਤੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪਾਰਟੀ ਦੀ ਸੂਬਾਈ ਟੀਮ ਨੇ ਕੇਂਦਰੀ ਟੀਮ ਨੂੰ ਸੂਬੇ ਦੇ ਸਿਆਸੀ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਪੱਤਰਕਾਰ ਨੂੰ ਕਿਹਾ, ‘ਸਾਡੀ ਪਾਰਟੀ ਇੱਕ ਜਮਹੂਰੀ ਪਾਰਟੀ ਹੈ। ਹੁਣ ਕੇਂਦਰੀ ਚੋਣ ਕਮੇਟੀ ਨੇ ਆਖਰੀ ਫ਼ੈਸਲਾ ਲੈਣਾ ਹੈ।’ -ਪੀਟੀਆਈ