ਕੇਕੇ ਬਾਂਸਲ
ਰਤੀਆ, 22 ਜਨਵਰੀ
ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਿਹਾ ਪੱਕਾ ਮੋਰਚਾ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਸਮੁੱਚੇ ਦੇਸ਼ ਅੰਦਰ ਜਨ ਅੰਦੋਲਨ ਬਣ ਕੇ ਦੁਨੀਆ ਭਰ ’ਚ ਫੈਲ ਚੁੱਕਿਆ ਹੈ ਪਰ ਮੋਦੀ ਸਰਕਾਰ ਪੱਖੀ ਗੋਦੀ ਮੀਡੀਆ ਹੱਕੀ ਸੰਘਰਸ਼ ਕਰ ਰਹੇ ਲੋਕਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਪਰ ਲੋਕ ਘੋਲ ਕਦੇ ਵੀ ਝੂਠੀਆਂ ਚਾਲਾਂ ’ਚ ਨਹੀਂ ਆਉਦੇ। ਇਸ ਵੇਲੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿਚ ਲੜੀਵਾਰ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਸੈਂਕੜੇ ਟਰੈਕਟਰਾਂ ਦੀ ਗਿਣਤੀ ਵਿੱਚ ਟਰੈਕਟਰ ਮਾਰਚ ਕੀਤਾ ਗਿਆ, ਜਿਨ੍ਹਾਂ ਵਿੱਚ ਵੱਡੀ ਗਿਣਤੀ ’ਚ ਨੌਜਵਾਨ ਕਿਸਾਨ ਅਤੇ ਔਰਤਾਂ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਮਾਰਚ ਕੀਤਾ ਜਾਵੇਗਾ, ਜਿਸ ਦੇ ਤਹਿਤ ਪਿੰਡਾਂ ਵਿੱਚ ਟਰੈਕਟਰ ਮਾਰਚ ਰਿਹਰਸਲਾਂ ਕਰਵਾ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਘਰ ਘਰ ਪਿੰਡ ਪਿੰਡ ਲੋਕਾਂ ਨੂੰ ਦਿੱਲੀ ਵਾਸਤੇ ਲਾਮਬੰਦ ਕੀਤਾ ਜਾ ਰਿਹਾ ਹੈ। 24 ਜਨਵਰੀ ਨੂੰ ਰਤੀਆ ਵਿਚੋਂ ਵੱਡੀ ਲਾਮਬੰਦੀ ਕਰਕੇ ਵੱਡੇ ਕਾਫਲੇ ਟਰੈਕਟਰਾਂ ਦੇ ਦਿੱਲੀ ਵੱਲ ਨੂੰ ਕੂਚ ਕਰਨਗੇ ਇਸ ਮੌਕੇ ਮੱਖਣ ਸਿੰਘ, ਇਕਬਾਲ ਸਿੰਘ ਸਿਕੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਖੇਤੀ ਕਾਨੂੰਨਾਂ ਦੇ ਵਿਰੋਧ ਕਿਸਾਨ ਸੰਘਰਸ਼ ਸਮਿਤੀ ਦੇ ਸੂਬਾ ਕਨਵੀਨਰ ਮਨਦੀਪ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਤਾਂ 26 ਜਨਵਰੀ ਨੂੰ ਲੱਖਾਂ ਕਿਸਾਨ ਦਿੱਲੀ ਵਿੱਚ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ। ਇਸ ਮੌਕੇ ਮਨਦੀਪ ਸਿੰਘ ਨੱਥਵਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਵਿਰੋਧ ਵਿੱਚ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ ਪਰ ਦੇਸ਼ ਦੇ ਕਿਸਾਨ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਅੱਗੇ ਨਹੀਂ ਝੁਕਣਗੇ ਅਤੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਹਰਿਆਣਾ ਵਿੱਚ ਭਾਜਪਾ ਅਤੇ ਜਜਪਾ ਦੇ ਆਗੂਆਂ ਨੂੰ ਪਿੰਡਾਂ ’ਚ ਕਿਸੇ ਵੀ ਕੀਮਤ ’ਤੇ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸੁਖਦੀਪ ਸਿੰਘ, ਜਸਪਾਲ ਸਿੰਘ, ਜੋਧਾ ਸਿੰਘ, ਦੀਪਕ, ਹਰਪ੍ਰੀਤ ਸਿੰਘ, ਹੈਪੀ ਸਿੰਘ, ਜਗਤਾਰ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।