ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਕਰਨਾਲ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਨਾਰਾਜ਼ ਜਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਡਾ. ਸੰਤੋਸ਼ ਦਹੀਆ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸੰਤੋਸ਼ ਦਹੀਆ ਨੇ ਕੁਰੂਕਸ਼ੇਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਇਸੇ ਤਹਿਤ ਕਿਸਾਨਾਂ ਨੇ ਬੀਤੇ ਦਿਨ ਕਰਨਾਲ ਵਿੱਚ ਪ੍ਰਦਰਸ਼ਨ ਕੀਤਾ ਪਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਜਜਪਾ ਸੂਬਾ ਸਰਕਾਰ ਦੀ ਭਾਈਵਾਲ ਪਾਰਟੀ ਹੈ, ਜਿਸ ਕਾਰਨ ਉਹ ਕੇਂਦਰ ਸਰਕਾਰ ਖ਼ਿਲਾਫ਼ ਨਹੀਂ ਬੋਲ ਪਾ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਸੰਘਰਸ਼ ਦੇ ਨੌਂ ਮਹੀਨੇ ਬੀਤ ਜਾਣ ਦੇ ਬਾਵਜੂਦ ਹੱਲ ਨਹੀਂ ਨਿਕਲ ਸਕਿਆ। ਡਾ. ਦਹੀਆ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਅਨੁਸਾਰ ਕਿਸਾਨਾਂ ਦੇ ਮਾਮਲਿਆਂ ਦੀ ਸੁਣਵਾਈ ਐੱਸਡੀਐਮ ਵੱਲੋਂ ਕੀਤੀ ਜਾਵੇਗੀ। ਜਦਕਿ ਲੰਘੇ ਦਿਨ ਐੱਸਡੀਐਮ ਵੱਲੋਂ ਕਿਸਾਨਾਂ ਸਬੰਧੀ ਵਰਤੀ ਗਈ ਸ਼ਬਦਾਵਲੀ ਨੇ ਅਜਿਹੇ ਅਧਿਕਾਰੀਆਂ ਦੀ ਕਾਰਵਾਈ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਅੰਨਦਾਤਾ ਹੀ ਸੁਰੱਖਿਅਤ ਨਹੀਂ ਹੈ ਤਾਂ ਦੇਸ਼ ਦੇ ਅਰਥਚਾਰੇ ਨੂੰ ਬਚਾਉਣਾ ਵੀ ਮੁਸ਼ਕਲ ਹੋ ਜਾਵੇਗਾ। ਇਸ ਕਰਕੇ ਉਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।