ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਹਰਿਆਣਾ ਦੇ ਗ੍ਰਹਿ ਮੰਤਰੀ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ‘ਚੜੂਨੀ’ ਕਿਸਾਨ ਅੰਦੋਲਨ ਰਾਹੀਂ ‘ਕੇਜਰੀਵਾਲ’ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਲ 2012 ਵਿੱਚ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਰਾਜਸੀ ਲਾਲਚ ਨਾਲ ਜੁੜੇ ਕੁਝ ਲੋਕਾਂ ਨੇ ਮੁੱਖ ਮੁੱਦਿਆਂ ਨੂੰ ਛੱਡ ਕੇ ਨਿੱਜੀ ਮਕਸਦ ਪੂਰਾ ਕੀਤਾ। ਇਸੇ ਤਰ੍ਹਾਂ ਕਿਸਾਨ ਅੰਦੋਲਨ ਰਾਹੀਂ ਕਈ ਕਿਸਾਨ ਨੇਤਾ ਆਪਣੇ ਨਿੱਜੀ ਸਵਾਰਥ ਪੂਰੇ ਕਰਨਾ ਚਾਹੁੰਦੇ ਹਨ।
ਸ੍ਰੀ ਵਿੱਜ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕੁਝ ਰਾਜਸੀ ਲੋਕ ਆਪਣੇ ਨਿੱਜੀ ਸਵਾਰਥ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਅੰਦੋਲਨ ਨੂੰ ਕਿਸੇ ਨਤੀਜੇ ’ਤੇ ਪਹੁੰਚਣ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾ ਰਹੀ ਹੈ। ਇਹ ਲੋਕ ਕੇਂਦਰ ਸਰਕਾਰ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਕਿਸਾਨ ਅੰਦੋਲਨ ਦੀ ਵਰਤੋਂ ਕਰ ਰਹੇ ਹਨ। ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਲੋਕਾਂ ’ਚ ਆਪਸੀ ਮਤਭੇਦ ਬਹੁਤ ਹਨ ਜਿਸ ਕਾਰਨ ਗੁਰਨਾਮ ਸਿੰਘ ਚੜੂਨੀ ਨੂੰ ਇਕ ਹਫ਼ਤੇ ਲਈ ਮੋਰਚੇ ਵਿੱਚੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਨੇ ਵਿਸ਼ਵ ਭਰ ਵਿੱਚ ਆਰਥਿਕ ਸੰਕਟ ਪੈਦਾ ਕਰ ਦਿੱਤਾ।