ਦੇਵਿੰਦਰ ਸਿੰਘ
ਯਮੁਨਾਨਗਰ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਯਮੁਨਾਨਗਰ ਜ਼ਿਲ੍ਹੇ ਦੇ ਕਿਸਾਨਾਂ ਨੇ ਲਖੀਮਪੁਰ ਖੀਰੀ ਕਤਲੇਆਮ ਦੀ ਪਹਿਲੀ ਬਰਸੀ ਮਨਾਈ । ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਭਾਰਤੀ ਕਿਸਾਨ ਯੂਨੀਅਨ (ਟਿਕੈਤ), ਜਰਨੈਲ ਸਿੰਘ ਸਾਂਗਵਾਨ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਅਤੇ ਧਰਮਪਾਲ ਸਿੰਘ ਚੌਹਾਨ ਸੂਬਾਈ ਆਗੂ ਕਿਸਾਨ ਸਭਾ ਹਰਿਆਣਾ ਨੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨਾਂ ਨੇ ਅਨਾਜ ਮੰਡੀ ਜਗਾਧਰੀ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਜ਼ਿਲ੍ਹਾ ਅਧਿਕਾਰੀ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜ਼ਿਸ਼ਘਾੜੇ ਅਜੈ ਮਿਸ਼ਰਾ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ, ਬੇਕਸੂਰ ਕਿਸਾਨਾਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਅਤੇ ਕਿਸਾਨਾਂ ਖ਼ਿਲਾਫ਼ ਦਰਜ ਝੂਠੇ ਕੇਸ ਵਾਪਸ ਲਏ ਜਾਣ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਤਰੀ ਅਜੇ ਟੈਨੀ ਅਤੇ ਯੋਗੀ ਸਰਕਾਰ ਦਾ ਪੁਤਲਾ ਵੀ ਫੂਕਿਆ। ਕਿਸਾਨ ਆਗੂ ਸੰਦੀਪ ਸੰਖੇੜਾ ਅਤੇ ਮਹੀਪਾਲ ਚਮਰੋੜੀ ਨੇ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਤੇ ਥਾਰ ਗੱਡੀ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਜਾਨ ਲੈ ਲਈ ਸੀ ਅਤੇ 13 ਤੋਂ ਵੱਧ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਇਸ ਕੁਤਾਹੀ ਵਿਰੁੱਧ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਸਨ, ਜਿਸ ਕਾਰਨ ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁਝ ਮੰਗਾਂ ’ਤੇ ਸਮਝੌਤਾ ਕੀਤਾ ਸੀ ਪਰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਮੰਗਾਂ ਵੱਲ ਕੋਈ ਧਿਆਨ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਾਂਗਵਾਨ ਅਤੇ ਸੂਬਾਈ ਕਿਸਾਨ ਅਗੂ ਧਰਮਪਾਲ ਚੌਹਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਵਾਅਦੇ ਮੁਤਾਬਕ ਜ਼ਖ਼ਮੀ 13 ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਨਾ ਹੀ ਪੰਜ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਹੀ ਦਿੱਤੀ ਹੈ।
ਮਿਨੀ ਸਕੱਤਰੇਤ ਅੱਗੇ ਧਰਨਾ ਜਾਰੀ
ਜੀਂਦ/ਨਰਵਾਣਾ (ਮਹਾਂਵੀਰ ਮਿੱਤਲ): ਨਰਵਾਣਾ ਦੀ ਮਿਨੀ ਸਕੱਤਰੇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਦਾ ਧਰਨਾ 154ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਦੀ ਅਗਵਾਈ ਮਾਸਟਰ ਬਲਵੀਰ ਸਿੰਘ ਸੂਬਾਈ ਪ੍ਰਧਾਨ ਅਖਿਲ ਭਾਰਤੀ ਕਿਸਾਨ ਸਭਾ ਹਰਿਆਣਾ, ਜਦਕਿ ਪ੍ਰਧਾਨਗੀ ਵੇਦਪਾਲ ਲੋਨ ਨੇ ਕੀਤੀ। ਮੰਚ ਸੰਚਾਲਨ ਰਾਜਿੰਦਰ ਇਸਮਾਈਲਪੁਰ ਨੇ ਕੀਤਾ। ਧਰਨੇ ਵਿੱਚ ਸ਼ਾਮਲ ਹੋਏ ਕਿਸਾਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਸੁਆਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਜੇ ਦਨੌਦਾ ਦੀ ਰਾਗਨੀ ਤੋਂ ਹੋਈ। ਮੰਚ ਸਾਂਝਾ ਕਰਦਿਆਂ ਸ਼ੀਸਪਾਲ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ। ਸਿਆਸੀ ਆਗੂਆਂ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਕਾਰਨ ਹਰਿਆਣਾ ਨਸ਼ੇ ਦਾ ਹੱਬ ਬਣਦਾ ਜਾ ਰਿਹਾ ਹੈ। ਕਿਸਾਨ ਨੇਤਾ ਮਾਸਟਰ ਬਲਵੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।