ਜਗਤਾਰ ਸਮਾਲਸਰ
ਏਲਨਾਬਾਦ, 17 ਨਵੰਬਰ
ਪਿੰਡ ਮੱਲੇਕਾ ਵਿਚ ਪਰਾਲੀ ਦੇ ਸਟਾਕ ਨੂੰ ਅੱਗ ਲੱਗਣ ਕਾਰਨ ਕਰੀਬ 70 ਤੋਂ 80 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੋਹੜਕਾ ਨੇ ਪਿੰਡ ਮੱਲੇਕਾ ’ਚ ਕਰੀਬ 70 ਤੋਂ 80 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਿਆ ਹੋਇਆ ਸੀ ਜਿਸ ਵਿੱਚ ਅੱਜ ਦੁਪਹਿਰ ਕਰੀਬ ਇੱਕ ਵਜੇ ਅਚਾਨਕ ਅੱਗ ਲੱਗ ਗਈ। ਪੀੜਤ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਏਲਨਾਬਾਦ ਅਤੇ ਸਿਰਸਾ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਸੀ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਸਥਾਨ ’ਤੇ ਪਹੁੰਚੀਆਂ ਤਾਂ ਉਸ ਸਮੇਂ ਤੱਕ ਅੱਗ ਪੂਰੀ ਤਰ੍ਹਾਂ ਫੈਲ ਚੁੱਕੀ ਸੀ, ਜਿਸ ਕਾਰਨ ਉਨ੍ਹਾਂ ਦਾ ਕਰੀਬ 70 ਤੋਂ 80 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕਰਦਿਆਂ ਸਿਰਸਾ-ਏਲਨਾਬਾਦ ਸੜਕ ਤੇ ਜਾਮ ਲਾ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੀੜਤ ਵਿਅਕਤੀ ਨੇ ਘਟਨਾ ਦੀ ਨਿਰਪੱਖ ਜਾਂਚ ਕਰਵਾਏ ਜਾਣ ਅਤੇ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀਆਂ ਨੂੰ ਦੱਸਣ ਦੇ ਬਾਵਜੂਦ ਕੋਈ ਨਹੀਂ ਪਹੁੰਚਿਆ।