ਨਰਾਇਣਗੜ੍ਹ (ਪੱਤਰ ਪ੍ਰੇਰਕ): ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਤੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਵੱਲੋਂ ਜਨ ਜਾਗਰਣ ਮੁਹਿੰਮ ਤਹਿਤ ਖੇਤੀ ਸੁਧਾਰ ਕਾਨੂੰਨਾਂ ਦੇ ਹੱਕ ਵਿੱਚ ਟਰੈਕਟਰ ਰੈਲੀ ਕੱਢੀ, ਜੋ ਸੈਣੀ ਭਵਨ ਤੋਂ ਸ਼ੁਰੂ ਹੋ ਕੇ ਅਗਰਸੈਨ ਚੌਕ ਤੋਂ ਹੁੰਦੀ ਹੋਈ ਸ਼ਹਿਜਾਦਪੁਰ ਵਿੱਚ ਸਮਾਪਤ ਹੋਈ। ਰੈਲੀ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਕਟਾਰੀਆ ਤੇ ਸੰਸਦ ਮੈਂਬਰ ਸ੍ਰੀ ਸੈਣੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਹਨ, ਪਰ ਕਾਂਗਰਸ ਇਨ੍ਹਾਂ ਕਾਨੂੰਨਾਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਲ 2007 ਵਿੱਚ ਖੇਤੀ ਨੀਤੀ ਬਣਾਈ ਸੀ ਅਤੇ ਇਹ ਬਿੱਲ ਉਦੋਂ ਪਾਸ ਹੋਣੇ ਸਨ, ਪਰ ਰਾਹੁਲ ਗਾਂਧੀ ਨੇ ਇਨ੍ਹਾਂ ਨੂੰ ਪਾਸ ਨਹੀਂ ਹੋਣ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਕਾਨੂੰਨਾਂ ਕਾਰਨ ਨਾ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋਵੇਗਾ ਅਤੇ ਨਾ ਹੀ ਮੰਡੀਕਰਨ। ਸ੍ਰੀ ਸੈੈਣੀ ਨੇ ਕਿਹਾ ਕਿ ਜਦੋਂ ਇਹ ਬਿੱਲ ਪਾਸ ਕਰਨੇ ਸਨ ਤਾਂ ਕਾਂਗਰਸ ਅਤੇ ਹੋਰ ਪਾਰਟੀਆਂ ਤੋਂ ਸੁਝਾਅ ਮੰਗੇ ਗਏ ਸਨ, ਪਰ ਉਨ੍ਹਾਂ ਨੇ ਨਹੀਂ ਦਿੱਤੇ ਅਤੇ ਹੁਣ ਇਸ ’ਤੇ ਸਿਆਸਤ ਕਰ ਰਹੀ ਹੈ।