ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ,8 ਜੂਨ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿੱਚ ਚਲ ਰਹੀ ਪੰਜ ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਚੌਥੇ ਸਮਾਗਮ ਵਿਚ ਭਾਈ ਲਖਵਿੰਦਰ ਸਿੰਘ ਪਾਰਸ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਗੁਰੂ ਜੀ ਦੇ ਸ਼ਹੀਦੀ ਇਤਿਹਾਸ ਤੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਪਹਿਲਾਂ ਗੁਰਦੁਆਰਾ ਦੇ ਸੀਨੀਅਰ ਮੀਤ ਗ੍ਰੰਥੀ ਗਿਆਨੀ ਸੁਬੇਗ ਸਿੰਘ ਨੇ ਰਹਿਰਾਸ ਸਾਹਿਬ ਦਾ ਪਾਠ ਕਰਕੇ ਅਰਦਾਸ ਉਪਰੰਤ ਸਮਾਗਮ ਦੀ ਅਰੰਭਤਾ ਕਰਵਾਈ। ਭਾਈ ਗੌਤਮ ਸਿੰਘ ਦੇ ਹਜ਼ੂਰੀ ਰਾਗੀ ਜਥੇ ਤੇ ਭਾਈ ਗੁਰਜੋਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ। ਇਸ ਦੌਰਾਨ ਕਥਾਵਾਚਕਾਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਇਆ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਚਾਨਣਾ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਾਰੇ ਜਥਿਆਂ ਅਤੇ ਬਾਹਰੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਭਾਈ ਲਖਵਿੰਦਰ ਸਿੰਘ ਪਾਰਸ ਦੇ ਜਥੇ ਨੇ ਗੁਰੂ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਗਿਆਨੀ ਸਾਹਿਬ ਸਿੰਘ, ਇੰਦਰਜੀਤ ਸਿੰਘ , ਸੁਖਚੈਨ ਸਿੰਘ, ਤਰਲੋਚਨ ਸਿੰਘ, ਕਸ਼ਮੀਰ ਸਿੰਘ, ਮਲਕਿੰਦਰ ਸਿੰਘ, ਦਲਜੀਤ ਸਿੰਘ, ਭਗਵੰਤ ਸਿੰਘ, ਨਰਿੰਦਰਪਾਲ ਸਿੰਘ ਸਲੈਚ , ਹੈਪੀ ਬਿਜਲੀ ਮੌਜੂਦ ਸਨ। ਸੰਗਤ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਮੰਚ ਦਾ ਸੰਚਾਲਨ ਨਰਿੰਦਰ ਸਿੰਘ ਭਿੰਡਰ ਨੇ ਨਿਭਾਇਆ।