ਸਿਰਸਾ: ਪੰਚਾਇਤੀ ਚੋਣਾਂ ਦੀ ਤਿਆਰੀ ਲਈ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਨ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਜਾਣਕਾਰੀ ਮੁਤਾਬਿਕ ਚੋਣਾਂ ਲਈ 21 ਅਕਤੂਬਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਸਿਰਸਾ ਵਿੱਚ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸਮਿਤੀ, ਪੰਚ ਅਤੇ ਸਰਪੰਚ ਦੇ ਆਹੁਦੇ ਲਈ 9 ਤੇ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪੰਚਾਇਤ ਚੋਣਾਂ ਨੂੰ ਸ਼ਾਂਤੀਪੂਰਨ ਕਰਵਾਉਣ ਲਈ 115 ਕਲਸਟਰ ਬਣਾਏ ਗਏ ਹਨ, ਜਿਨ੍ਹਾਂ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਸਿਰਫ ਪਿੰਡਾਂ ਵਿੱਚ ਹੀ ਚੋਣ ਜ਼ਾਬਤਾ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਸਰਪੰਚ ਤੇ ਪੰਚ ਦੇ ਆਹੁਦੇ ਲਈ ਵੋਟਾਂ ਪੈਣਗੀਆਂ। -ਨਿੱਜੀ ਪੱਤਰ ਪ੍ਰੇਰਕ