ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਅਗਸਤ
ਹਰਿਆਣਾ ਦੇ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਅਨੂਪ ਧਾਨਕ ਨੇ ਅੱਜ ਸਿਰਸਾ ਜ਼ਿਲ੍ਹਾ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕੇ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਏ। ਇਸ ਮੌਕੇ ਜਨ ਨਾਇਕ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਜੈ ਸਿੰਘ ਚੌਟਾਲਾ, ਪਾਰਟੀ ਜ਼ਿਲ੍ਹਾ ਪ੍ਰਧਾਨ ਸਰਵਜੀਤ ਮਸੀਤਾਂ ਵੀ ਮੌਜੂਦ ਸਨ। ਰਾਜ ਮੰਤਰੀ ਨੇ ਪਿੰਡ ਘੁੱਕਿਆਂਵਾਲੀ ’ਚ ਲਾਈਬ੍ਰੇਰੀ ਦੇ ਭਵਨ ਦਾ ਨੀਂਹ ਪੱਥਰ ਰੱਖਿਆ ਅਤੇ ਪੱਕੀਆਂ ਗਲੀਆਂ ਦਾ ਉਦਘਾਟਨ ਕੀਤਾ। ਇਸ ਦੌਰਾਨ ਕਈ ਲੋਕਾਂ ਨੇ ਉਨ੍ਹਾਂ ਅੱਗੇ ਆਪਣੀਆਂ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਮੱਸਿਆਵਾਂ ਗਲੀਆਂ, ਟੁੱਟੀਆਂ ਸੜਕਾਂ ਤੇ ਬਿਜਲੀ ਨਾਲ ਸਬੰਧਤ ਸਨ। ਰਾਜ ਮੰਤਰੀ ਤੇ ਜਜਪਾ ਆਗੂ ਨੇ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਦੋਵੇਂ ਆਗੂਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਗਠਜੋੜ ਦੀ ਸਰਕਾਰ ਇਲਾਕੇ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।