ਨਿੱਜੀ ਪੱਤਰ ਪ੍ਰੇਰਕ
ਸਿਰਸਾ, 28 ਜੁਲਾਈ
ਯੂਨੀਵਰਸਿਟੀ ਡਾਟਾ ਸੈਂਟਰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਸਥਾਪਿਤ ਕੀਤਾ ਜਾਵੇਗਾ ਅਤੇ ਇੱਥੇ ਰਾਸ਼ਟਰੀ ਟੈਸਟਿੰਗ ਏਜੰਸੀ ਵੱਲੋਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਬੰਧੀ ਐੱਨਟੀਏ ਦਾ ਪ੍ਰੀਖਿਆ ਕੇਂਦਰ ਸਥਾਪਤ ਕਰਨ ਲਈ ਅਰਜ਼ੀ ਦਿੱਤੀ ਹੈ। ਇਸ ਕੇਂਦਰ ਦੀ ਸਥਾਪਨਾ ਤੋਂ ਬਾਅਦ ਸਿਰਸਾ ਅਤੇ ਆਸ-ਪਾਸ ਦੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦੂਰ-ਦਰਾਜ ਦੇ ਖੇਤਰਾਂ ਵਿੱਚ ਨਹੀਂ ਜਾਣਾ ਪਵੇਗਾ। ਇਹ ਜਾਣਕਾਰੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਵਾਈਸ ਚਾਂਸਲਰ ਪ੍ਰੋ. ਅਜਮੇਰ ਸਿੰਘ ਮਲਿਕ ਨੇ ਅੱਜ ਇਥੇ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜੇਸ਼ ਬਾਂਸਲ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼ ਪ੍ਰੋ. ਰਾਜਕੁਮਾਰ ਸਲਾਰ, ਯੂਨੀਵਰਸਿਟੀ ਸਕੂਲ ਫਾਰ ਗ੍ਰੈਜੂਏਟ ਸਟੱਡੀਜ਼ ਦੇ ਡੀਨ ਪ੍ਰੋ. ਸੁਸ਼ੀਲ ਕੁਮਾਰ ਅਤੇ ਡਾ. ਕਪਿਲ ਚੌਧਰੀ ਹਾਜ਼ਰ ਸਨ। ਪ੍ਰੋਫੈਸਰ ਮਲਿਕ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਛੇਤੀ ਹੀ ਹਰਿਆਣਾ ਹੁਨਰ ਵਿਕਾਸ ਮਿਸ਼ਨ ਦੇ ਨਾਲ ਸਮਝੌਤਾ ਕਰਨ ਜਾ ਰਹੀ ਹੈ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇੇ।