ਪ੍ਰਭੂ ਦਿਆਲ
ਸਿਰਸਾ, 7 ਅਕਤੂਬਰ
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਕਿਸਾਨਾਂ ਵੱਲੋਂ ਜਿਥੇ ਥਾਣੇ ਦੇ ਅੰਦਰ ਧਰਨਾ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਪਿੰਡਾਂ ਦੇ ਕਿਸਾਨਾਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ। ਕਈ ਪਿੰਡਾਂ ਵਿੱਚ ਕਿਸਾਨਾਂ ਨੇ ਨੈਸ਼ਨਲ ਹਾਈ ਵੇਅ ’ਤੇ ਜਾਮ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਕਿਸਾਨ ਜਿਥੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਹਨ, ਉਥੇ ਹੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕਰਨ ਤੇ ਕਿਸਾਨ ’ਤੇ ਦਰਜ ਮੁਕਦਮੇ ਰੱਦ ਕੀਤੇ ਜਾਣ ਦੀ ਮੰਗ ਕਰ ਰਹੇ ਸਨ। ਸਵਾਰਜ ਇੰਡੀਆ ਪਾਰਟੀ ਦੇ ਬਾਨੀ ਤੇ ਕਨਵੀਨਰ ਯੋਗਿੰਦਰ ਯਾਦਵ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਰਾਜੀਵ ਗੋਦਾਰਾ, ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂ ਖੇੜਾ, ਅਮਰਿੰਦਰ ਸਿੰਘ ਐਡਵੋਟ ਸਮੇਤ ਸੈਂਕੜੇ ਕਿਸਾਨਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਸੱਤ ਕਿਸਾਨਾਂ ਤੋਂ ਬਿਨਾਂ ਦੂਜੇ ਕਿਸਾਨਾਂ ਨੂੰ ਜਾਣ ਲਈ ਕਿਹਾ ਪਰ ਕਿਸਾਨ ਉਨ੍ਹਾਂ ਸੱਤਾਂ ਕਿਸਾਨਾਂ ਨੂੰ ਵੀ ਨਾਲ ਰਿਹਾਅ ਕਰਨ ਦੀ ਮੰਗ ਕਰਨ ਲੱਗੇ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨਾਂ ਨੇ ਥਾਣੇ ਦੇ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲੀਸ ਹਿਰਾਸਤ ਵਿੱਚ ਲਏ ਗਏ ਸੱਤ ਕਿਸਾਨ ਆਗੂਆਂ ਨੂੰ ਗੱਡੀ ਵਿੱਚ ਬਿੱਠਾ ਕੇ ਕਿਤੇ ਲੈ ਜਾਣ ਲੱਗੀ ਤਾਂ ਕਿਸਾਨਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਧਰਨਾ ਸ਼ੁਰੂ ਕਰ ਦਿੱਤੇ ਤੇ ਕਿਸਾਨ ਆਗੂਆਂ ਨੂੰ ਨਹੀਂ ਲੈ ਜਾਣ ਦਿੱਤਾ। ਇਸੇ ਦੌਰਾਨ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੁਲੀਸ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਤੁਰੰਤ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਹਿਰਾਸਤ ਵਿੱਚ ਲਏ ਗਏ ਸਵਰਾਜ ਇੰਡੀਆ ਦੇ ਕਨਵੀਨਰ ਯੋਗਿੰਦਰ ਯਾਦਵ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਸ਼ਾਂਤੀਪੂਰਨ ਤਰੀਕੇ ਨਾਲ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲੀਸ ਨੇ ਜਬਰੀ ਧਰਨੇ ਤੋਂ ਚੁੱਕ ਕੇ ਹਿਰਾਸਤ ਵਿੱਚ ਲਿਆ ਹੈ। ਹੁਣ ਪੁਲੀਸ ਵੱਲੋਂ ਪ੍ਰਹਿਲਾਦ ਸਿੰਘ ਭਾਰੂਖੇੜਾ ਸਮੇਤ ਸਿਰਫ ਸੱਤ ਕਿਸਾਨਾਂ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਸਾਰੇ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾਣ ਤੇ ਜਾਂ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਏ। ਸ੍ਰੀ ਯਾਦਵ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕੁਝ ਕਿਸਾਨਾਂ ਨੇ ਪਿੰਡ ਸਾਹੂਵਾਲਾ ਦੇ ਨੇੜੇ ਨੈਸ਼ਨਲ ਹਾਈ ਵੇਅ ’ਤੇ ਜਾਮ ਲਾਇਆ ਤਾਂ ਕੁਝ ਕਿਸਾਨਾਂ ਵੱਲੋਂ ਡਿੰਗ ਮੋੜ ਦੇ ਨੇੜੇ ਕਿਸਾਨਾਂ ਵੱਲੋਂ ਜਾਮ ਲਾਇਆ ਗਿਆ ਹੈ। ਕਿਸਾਨਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਵੇਖ ਕੇ ਬੋਂਦਲ ਗਈ ਹੈ ਤੇ ਸ਼ਾਂਤੀਪੂਰਨ ਤਰੀਕੇ ਨਾਲ ਧਰਨਾ ਦੇ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।