ਪ੍ਰਭੂ ਦਿਆਲ
ਸਿਰਸਾ, 9 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜ ਸਭਾ ’ਚ ਕੀਤੀ ਗਈ ‘ਅੰਦੋਲਨਜੀਵੀ’ ਟਿੱਪਣੀ ਮਗਰੋਂ ਕਿਸਾਨਾਂ ’ਚ ਰੋਹ ਵੱਧ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪੱਕਾ ਮੋਰਚਾ ਲਾ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਆਪਣੇ ਆਪ ਨੂੰ ਅੰਦੋਲਨਜੀਵੀ ਕਿਹਾ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ 123 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਅੰਦੋਲਨਜੀਵੀ ਕਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਹਾਲੇ ਵੀ ਕਿਸਾਨਾਂ ਦੇ ਇਸ ਸੰਘਰਸ਼ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ।