ਪੀਪੀ ਵਰਮਾ
ਪੰਚਕੂਲਾ, 21 ਦਸੰਬਰ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕੋਵਿਡ-19 ਤੋਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਿਹਤ ਮੰਤਰਾਲੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਹਰਿਆਣਾ ਦੇ ਸਿਹਤ ਵਿਭਾਗ ਨੇ ਵੀ ਮੀਟਿੰਗ ਕੀਤੀ ਹੈ। ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਦੌਰ ਜਾਰੀ ਹਨ। ਕੋਵਿਡ ਦੀ ਰੋਕਥਾਮ ਸਬੰਧੀ ਕੇਂਦਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਈਆਂ ਹਦਾਇਤਾਂ ਬਾਰੇ ਸਿਹਤ ਵਿਭਾਗ ਹਰਿਆਣਾ ਨੇ ਪ੍ਰਚਾਰ ਅਤੇ ਪ੍ਰਸਾਰ ਸ਼ੁਰੂ ਵੀ ਕੀਤਾ ਹੈ ਅਤੇ ਹਸਪਤਾਲਾਂ ਵਿੱਚ ਇਨ੍ਹਾਂ ਹਦਾਇਤਾਂ ’ਤੇ ਅਮਲ ਕੀਤਾ ਜਾ ਰਿਹਾ ਹੈ। ਕਰੋਨਾ ਦੇ ਸ਼ੱਕੀ ਮਰੀਜ਼ ਲਈ ਆਰਟੀਪੀਸੀਆਰ ਟੈਸਟ ਜ਼ਰੂਰੀ ਹੋਵੇਗਾ। ਲੋਕ ਭੀੜ ਭੜੱਕੇ ਵਾਲੇ ਇਲਾਕੇ ਵਿੱਚ ਨਾ ਜਾਣ ਅਤੇ ਮਾਸਕ ਦਾ ਇਸਤੇਮਾਲ ਕਰਨ। ਪੰਚਕੂਲਾ ਦੇ ਸਰਕਾਰੀ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਧਿਕਾਰੀ ਡਾਕਟਰ ਉਮੇਸ਼ ਮੋਦੀ ਨੇ ਕਿਹਾ ਕਿ ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਹਾਲੇ ਤੱਕ ਕੋਵਿਡ ਦਾ ਕੇਸ ਨਹੀਂ ਆਇਆ। ਪੰਚਕੂਲਾ ਵਿੱਚ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗਾਂ ਸ਼ੁਰੂ ਕੀਤੀਆਂ ਹਨ।