ਰਤੀਆ (ਪੱਤਰ ਪ੍ਰੇਰਕ): ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਹਨੂੰਮਾਨ ਚੌਕ ’ਚ 27 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ 115ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸ਼ਹਿਰੀ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਆਉਣ ਵਾਲੀ ਪੀੜ੍ਹੀ ਨੂੰ ਭਗਤ ਸਿੰਘ ਦੇ ਜੀਵਨ, ਸ਼ਹੀਦੀ ਅਤੇ ਵਿਚਾਰਾਂ ਤੋਂ ਜਾਣੂ ਕਰਵਾਉਣ ਲਈ ਨਾਟਕ ਮੇਲੇ ਦਾ ਆਯੋਜਨ ਹਰ ਸਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਰਤੀਆ ਸ਼ਹਿਰ ਵਿਚ ਵਧ ਰਹੇ ਨਸ਼ੇ ਦੇ ਖਿਲਾਫ਼ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਾਟਕ ਮੇਲੇ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।