ਪੱਤਰ ਪ੍ਰੇਰਕ
ਕਾਲਾਂਵਾਲੀ, 24 ਜੂਨ
‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਅੱਜ ਕਾਲਾਂਵਾਲੀ ਦੇ ਡੀਐਸਪੀ ਗੁਰਦਿਆਲ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਨਾਲ ਸੰਬਧਿਤ ਇੱਕ ਪ੍ਰੋਗਰਾਮ ਇੱਥੋਂ ਦੀ ਅਨਾਜ ਮੰਡੀ ਵਿੱਚ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਗੁਰਦਿਆਲ ਸਿੰਘ ਨੇ ਕਿਹਾ ਕਿ ਇੱਕ ਸਿਹਤਮੰਦ ਸਮਾਜ ਲਈ ਨਸ਼ਾ ਇੱਕ ਕਲੰਕ ਹੈ ਅਤੇ ਇਸ ਕਲੰਕ ਨੂੰ ਸਮਾਜ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਲਾਂਵਾਲੀ ਖੇਤਰ ‘ਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਨਾਂ ਬਿਨਾਂ ਝਿਜਕ ਦੱਸਿਆ ਜਾਵੇ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਨਸ਼ਾ ਹਰ ਘਰ ਵਿੱਚ ਪਹੁੰਚ ਰਿਹਾ ਹੈ, ਇਸ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਬਰਬਾਦ ਹੋ ਜਾਣਗੀਆਂ। ਡੀ.ਐਸ.ਪੀ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਨਿਗਾਹ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅੱਗੇ ਵਧਣ ਲਈ ਪ੍ਰੇਰਿਤ ਕਰਨ। ਇਸ ਮੌਕੇ ‘ਤੇ ਲੋਕਾਂ ਨੇ ਪੁਲੀਸ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।