ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦਾ ਪਿੜ ਭਖ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 25 ਸਤੰਬਰ ਨੂੰ ਸੋਨੀਪਤ ਦੇ ਗੁਹਾਨਾ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਮਗਰੋਂ ਮੋਦੀ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਲਈ 26 ਸਤੰਬਰ ਨੂੰ ਹਰਿਆਣਾ ਦੇ ਭਾਜਪਾ ਆਗੂਆਂ ਨੂੰ ‘ਨਮੋ ਐਪ’ ਰਾਹੀਂ ਸੰਬੋਧਨ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਭਾਜਪਾ ਵਰਕਰਾਂ ਨੂੰ ਹਰਿਆਣਾ ਦੇ ਘਰ-ਘਰ ਤੱਕ ਡਬਲ ਇੰਜਣ ਸਰਕਾਰ ਵੱਲੋਂ 10 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲਿਜਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਵਰਕਰਾਂ ਲਈ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਵੱਲੋਂ ਡਬਲ ਇੰਜਣ ਵਾਲੀ ਸਰਕਾਰ ਦੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।