ਪੱਤਰ ਪ੍ਰੇਰਕ
ਰਤੀਆ, 2 ਜੁਲਾਈ
ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਨਿਰਧਾਰਿਤ 8 ਘੰਟੇ ਬਿਜਲੀ ਦੇਣ ਦੇ ਵਾਅਦੇ ਦੇ ਬਾਵਜੂਦ ਰਤੀਆ ਇਲਾਕੇ ਦੇ ਕਿਸਾਨਾਂ ਨੂੰ ਪੂਰੀ ਮਾਤਰਾ ਵਿਚ ਬਿਜਲੀ ਨਹੀਂ ਮਿਲ ਰਹੀ ਹੈ। ਬਿਜਲੀ ਦੇ ਕੱਟ ਲੱਗਣ ਨਾਲ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸੰਕਟ ਨੂੰ ਦੂਰ ਕਰਨ ਨੂੰ ਲੈ ਕੇ ਕਿਸਾਨ ਐੱਸ.ਡੀ.ਓ ਨੂੰ ਮਿਲੇ ਹਨ ਪਰ ਅਜੇ ਤੱਕ ਸਮੱਸਿਆ ਦਾ ਹੱਲ ਨਹੀਂ ਹੋਇਆ। ਅੱਜ ਵੀ ਗ੍ਰਾਮੀਣ ਐੱਸ.ਡੀ.ਓ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਦੋ ਦਿਨ ਦੇ ਅੰਦਰ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਵੇਗਾ। ਇਸ ਦੌਰਾਨ ਪ੍ਰੇਸ਼ਾਨ ਕਿਸਾਨਾਂ ਵਲੋਂ ਬਿਜਲੀ ਬੋਰਡ ਰਤੀਆ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜਲਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਬਿਜਲੀ ਬੋਰਡ ਦੇ ਗੇਟ ’ਤੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)-ਹਰਿਆਣਾ ਰਤੀਆ ਸ਼ਹਿਰ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ, ਤੇ ਹੋਰ ਹਾਜ਼ਰ ਸਨ।