ਪ੍ਰਭੂ ਦਿਆਲ
ਸਿਰਸਾ, 29 ਜੁਲਾਈ
ਹਰਿਆਣਾ ਗੌਰਮਿੰਟ ਪੀਡਬਲਿਊਡੀ ਮਕੈਨੀਕਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦੀ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਦੜਬਾ ਨੇ ਕੀਤੀ। ਪੀਡਬਲਿਊਡੀ ਮਕੈਨੀਕਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਕਰਮਚਾਰੀ ਟਾਊਨ ਪਾਰਕ ’ਚ ਇਕੱਠੇ ਹੋਏ ਜਿੱਥੋਂ ਪ੍ਰਦਰਸ਼ਨ ਕਰਦਿਆਂ ਉਹ ਮਿਨੀ ਸਕੱਤਰੇਤ ਪੁੱਜੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਨ ਸਿਹਤ ਵਿਭਾਗ ’ਚ ਲੱਗੇ ਐੱਮ.ਪੀ. ਡਬਲਿਊ ਨੂੰ 18 ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਸਾਰੇ ਕੱਚੇ ਕਰਮਚਾਰੀਆਂ ਨੂੰ ਵੀ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸੇਵਾ ਨਿਯਮਾਂ ਦੀਆਂ ਖਾਮੀਆਂ ਨੂੰ ਦਰੁਸਤ ਕਰ ਕੇ ਪ੍ਰਮੋਸ਼ਨ ’ਤੇ 25,500 ਦਾ ਵੇਤਨ ਦਿੱਤਾ ਜਾਵੇ ਤੇ ਡਰਾਈਵਰਾਂ ਦੀ ਵਰਦੀ ਦੇ ਰੇਟ ਵਧਾਏ ਜਾਣ। ਬੁਲਾਰਿਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ 11 ਅਗਸਤ ਨੂੰ ਮੁੱਖ ਮੰਤਰੀ ਦੇ ਕਰਨਾਲ ਸਥਿਤ ਘਰ ਦੇ ਘੇਰਾਓ ਪ੍ਰੋਗਰਾਮ ’ਚ ਸਿਰਸਾ ਤੋਂ ਵੱਡੀ ਗਿਣਤੀ ’ਚ ਪਹੁੰਚਣਗੇ। ਇਸ ਮੌਕੇ ਰਾਜਿੰਦਰ ਗੋਠਵਾਲ, ਕੁੰਦਨ, ਪਵਨ ਕੁਮਾਰ ਤੇ ਨੰਦ ਲਾਲ ਪ੍ਰੇਮ ਸ਼ਰਮਾ ਆਦਿ ਨੇ ਸੰਬੋਧਨ ਕੀਤਾ।