ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਜੁਲਾਈ
ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੁੱਲ 137 ਯੋਜਨਾਵਾਂ ਲਾਗੂ ਕੀਤੀਆਂ ਹਨ। ਯੋਜਨਾਵਾਂ ਦਾ ਲਾਭ ਹਰ ਪਿੰਡ ਤਕ ਪਹੁੰਚਾਉਣਾ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਚੇਅਰਮੈਨ ਇਕਬਾਲ ਸਿੰਘ ਬੀਤੀ ਦੇਰ ਸ਼ਾਮ ਮਿਨੀ ਸਕੱਤਰੇਤ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਘੱਟ ਗਿਣਤੀ ਸਮਾਜ ਦੇ ਲੋਕਾਂ ਦੇ ਮਨਾਂ ’ਚੋਂ ਡਰ ਕੱਢਣ ਦਾ ਯਤਨ ਕੀਤਾ ਹੈ। ਸਰਕਾਰ ਨੇ ਘੱਟ ਗਿਣਤੀ ਦੇ ਹਿੱਤਾਂ ਲਈ 12 ਵਿਸ਼ੇਸ਼ ਯੋਜਨਾਵਾਂ ਨੂੰ ਅਮਲੀਜਾਮਾ ਪਹਿਨਾਇਆ ਹੈ। ਇਨ੍ਹਾਂ ਯੋਜਨਾਵਾਂ ਦੇ ਰਾਹੀਂ ਘੱਟ ਗਿਣਤੀ ਸਮਾਜ ਨੂੰ ਉਨ੍ਹਾਂ ਦੇ ਅਧਿਕਾਰਾਂ ਦੇ ਮੁਤਾਬਕ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਘੱਟ ਗਿਣਤੀ ਸਮਾਜ ਦੇ ਲੋਕਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਪੰਜਾਬੀ ਭਾਸ਼ਾ ਨੂੰ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਪੰਜਾਬੀ ਭਾਸ਼ਾ ਦਾ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪੰਜਾਬੀ ਵਿਸ਼ੇ ’ਤੇ ਸੈਮੀਨਾਰ ਕਰਵਾ ਕੇ ਪੰਜਾਬੀ ਭਾਸ਼ਾ ’ਤੇ ਮੰਥਨ ਕਰਨਾ ਚਾਹੀਦਾ ਹੈ। ਚੇਅਰਮੈਨ ਨੇ ਕਿਹਾ ਕਿ ਧਰਮ ਖੇਤਰ ਕੁਰੂਕਸ਼ੇਤਰ ਇਕ ਪਵਿੱਤਰ ਧਰਤੀ ਹੈ। ਸਾਰੇ ਸਿੱਖ ਗੁਰੂਆਂ ਨੇ ਆਪਣੇ ਚਰਨ ਇਸ ਧਰਤੀ ’ਤੇ ਪਾਏ ਹਨ। ਇਹ ਧਰਤੀ ਸਿੱਖ ਸਮਾਜ ਦੇ ਇਤਿਹਾਸ ਨਾਲ ਜੁੜੀ ਹੋਈ ਹੈ। ਇਸ ਇਤਿਹਾਸ ਨੂੰ ਜਾਨਣ ਤੇ ਆਤਮ ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਯੂਨੀਫਾਰਮ ਸਿਵਲ ਕੋਡ ਦੇ ਲਈ ਸੁਝਾਅ ਮੰਗੇ ਹਨ, ਜਿਸ ਲਈ 50 ਲੱਖ ਲੋਕਾਂ ਨੇ ਆਪਣੇ ਸੁਝਾਅ ਦਿੱਤੇ ਹਨ। ਦੇਸ਼ ਨੂੰ ਵਿਕਾਸ ਦੀ ਲੀਹ ਵਲ ਲਿਜਾਣ ਲਈ ਸਭ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।