ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 24 ਜੂਨ
ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਪਿੰਡ ਦਿਆਲਪੁਰ ਵਾਸੀਆਂ ਨੇ ਵੀਰਵਾਰ ਨੂੰ ਥਾਨੇਸਰ ਰੇਲਵੇ ਸਟੇਸ਼ਨ ਨੇੜੇ ਵਾਲਮੀਕਿ ਚੌਕ ’ਤੇ ਸੜਕ ਜਾਮ ਕਰ ਦਿੱਤਾ। ਧਰਨਾਕਾਰੀਆਂ ਵਿੱਚੋਂ ਪਿੰਡ ਦੇ ਪਰਵੀਨ ਨੇ ਦੱਸਿਆ ਕਿ ਪਿੰਡ ਮੋਹਾਨਾ, ਪੂੰਡਰੀ ਦਾ ਰਾਹੁਲ ਚੌਧਰੀ ਤਿੰਨ ਦਿਨ ਪਹਿਲਾਂ ਪਿੰਡ ਦਿਆਲਪੁਰ ਤੋਂ ਲਾਪਤਾ ਹੋ ਗਿਆ ਸੀ। ਨੌਜਵਾਨ ਦਾ 6 ਮਹੀਨੇ ਪਹਿਲਾਂ ਪਿੰਡ ਦਿਆਲਪੁਰ ਵਿੱਚ ਵਿਆਹ ਹੋਇਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਹੁਲ ਦੀ ਭਾਲ ਹਰ ਥਾਂ ਕੀਤੀ। ਉਨ੍ਹਾਂ ਨੂੰ ਪਤਾ ਲੱਗਿਆ ਕਿ ਪਿੰਡ ਦੇ ਤਿੰਨ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਏ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਉਸ ਦੀ ਲਾਸ਼ ਨਹਿਰ ਵਿੱਚੋਂ ਮਿਲੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਸ ਦੇ ਨਾਲ ਆਏ ਨੌਜਵਾਨਾਂ ਨੇ ਸ਼ਰਾਬ ਪੀਤੀ ਅਤੇ ਰਾਹੁਲ ਚੌਧਰੀ ਨੂੰ ਨਹਿਰ ਵਿੱਚ ਧੱਕਾ ਦੇ ਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਹੀ ਆਦਰਸ਼ ਥਾਣੇ ਵਿੱਚ ਬੈਠੇ ਹਨ, ਪਰ ਪੁਲੀਸ ਕਾਰਵਾਈ ਨਹੀਂ ਕਰ ਰਹੀ। ਜਿਸ ਕਾਰਨ ਉਹ ਬਾਹਰ ਆ ਕੇ ਸੜਕ ਜਾਮ ਕਰਨ ਲਈ ਮਜਬੂਰ ਹੋਏ। ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਨੌਜਵਾਨ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਕੇਸ ਵਿਚ ਐੱਫਆਈਆਰ ਦਰਜ ਨਹੀਂ ਕੀਤੀ ਜਾਂਦੀ, ਉਹ ਮ੍ਰਿਤਕ ਦਾ ਪੋਸਟ ਮਾਰਟਮ ਨਹੀਂ ਕਰਨ ਦੇਣਗੇ। ਪੁਲੀਸ ਅਧਿਕਾਰੀਆਂ ਵੱਲੋਂ ਕਾਰਵਾਈ ਦੇ ਭਰੋਸੇ ਤੋਂ ਬਾਅਦ ਹੀ ਪਿੰਡ ਵਾਸੀ ਜਾਮ ਖੋਲ੍ਹਣ ਲਈ ਰਾਜੀ ਹੋਏ।