ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 30 ਸਤੰਬਰ
ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਸਬੰਧੀ ਦਿੱਤੇ ਫੈਸਲੇ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਕਾਲਾਂਵਾਲੀ ਪੁੱਜੇ। ਉਨ੍ਹਾਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਆਪਣੀ ਯਾਦਦਾਸ਼ਤ ਗੁਆ ਚੁੱਕੇ ਹਨ, ਉਨ੍ਹਾਂ ਨੂੰ ਸਵੇਰ ਦਾ ਕਿਹਾ ਦੁਪਹਿਰ ਵੇਲੇ ਭੁੱਲ ਜਾਂਦਾ ਹੈ। ਦਾਦੂਵਾਲ ਨੇ ਕਿਹਾ ਕਿ ਉਹ ਮੈਂਬਰਾਂ ਦੀ ਚੋਣ ਕਰਕੇ ਕਾਨੂੰਨ ਅਨੁਸਾਰ ਕਮੇਟੀ ਦੇ ਪ੍ਰਧਾਨ ਬਣੇ ਹਨ ਅਤੇ ਜਗਦੀਸ਼ ਸਿੰਘ ਝੀਂਡਾ ਨੇ ਖੁਦ ਚੋਣ ਵਿੱਚ ਹਿੱਸਾ ਲਿਆ ਸੀ। ਜਥੇਦਾਰ ਦਾਦੂਵਾਲ ਨੇ ਜਗਦੀਸ਼ ਸਿੰਘ ਝੀਂਡਾ ਨੂੰ ਨਸੀਹਤ ਦਿੱਤੀ ਕਿ ਉਹ ਗੁਮਰਾਹ ਹੋ ਕੇ ਝੂਠੀ ਬਿਆਨਬਾਜ਼ੀ ਨਾ ਕਰਨ ਕਿਉਂਕਿ ਆਪਸੀ ਫੁੱਟ ਕਾਰਨ ਵਿਰੋਧੀ ਧਿਰਾਂ ਨੂੰ ਹੋਰ ਮਜ਼ਬੂਤ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਹਰਿਆਣਾ ਭਵਨ ਵਿਚ ਦੋਵਾਂ ਧਿਰਾਂ ਦੀ ਮੀਟਿੰਗ ਦੌਰਾਨ ਇਸ ਗੱਲ ’ਤੇ ਸਹਿਮਤੀ ਬਣੀ ਸੀ ਕਿ ਕੋਈ ਵੀ ਵਿਅਕਤੀ ਕਮੇਟੀ ਬਾਰੇ ਗ਼ਲਤ ਬਿਆਨਬਾਜ਼ੀ ਨਹੀਂ ਕਰੇਗਾ ਅਤੇ ਇਕੱਠੇ ਪ੍ਰਚਾਰ ਕਰੇਗਾ ਅਤੇ ਸੂਬੇ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰੇਗਾ ਪਰ ਦੋ ਦਿਨਾਂ ਬਾਅਦ ਝੀਂਡਾ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਦਾਦੂਵਾਲ ਨੇ ਕਿਹਾ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਦੀ ਸੇਵਾ ਸਾਰਿਆਂ ਨਾਲ ਮਿਲ ਕੇ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਦੇ ਸਨਮਾਨ ’ਚ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਦੀ ਦੁਕਾਨ ’ਤੇ ਸਮਾਗਮ ਕਰਵਾਇਆ ਗਿਆ| ਇਸ ਸਮਾਗਮ ਵਿੱਚ ਸ਼ਹਿਰ ਦੀਆਂ ਵਪਾਰਕ, ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।