ਪ੍ਰਭੂ ਦਿਆਲ
ਸਿਰਸਾ, 5 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਕਿਸਾਨਾਂ ਦੇ ਸੰਘਰਸ਼ ਕਾਰਨ ਉਪ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੇ ਘਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਪੁਲੀਸ ਵੱਲੋਂ ਪੱਕੇ ਤੌਰ ’ਤੇ ਬੈਰੀਕੇਡ ਲਾਏ ਹੋਏ ਹਨ।
ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕੀਤੇ ਜਾਣ ਲਈ ਕਿਸਾਨਾਂ ਵੱਲੋਂ ਨੈਸ਼ਨਲ ਹਾਈ ਵੇਅ ਨੰਬਰ ਨੌਂ ’ਤੇ ਭਾਵਦੀਨ ਪਿੰਡ ਨੇੜੇ ਲਾਇਆ ਗਿਆ ਧਰਨਾ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਛੇ ਮਾਰਚ ਨੂੰ ਕੀਤੇ ਜਾਣ ਵਾਲੇ ਐਕਸ਼ਨ ਲਈ ਕਿਸਾਨਾਂ ਦਾ ਦਿੱਲੀ ਜਾਣਾ ਜਾਰੀ ਹੈ।