ਪ੍ਰਭੂ ਦਿਆਲ
ਸਿਰਸਾ, 7 ਅਪਰੈਲ
ਨਗਰ ਪ੍ਰੀਸ਼ਦ ਚੇਅਰਪਰਨ ਦੀ ਚੋਣ ਪ੍ਰਕਿਰਿਆ ਦੌਰਾਨ ਸੰਸਦ ਮੈਂਬਰ ਸੁਨੀਤਾ ਦੁੱਗਲ ਤੇ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਨੇ ਡਾਂਗਾਂ ਵਰ੍ਹਾਈਆਂ ਤੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ। ਇਸ ਦੌਰਾਨ ਹੋਈ ਖਿੱਚਧੂਹ ਵਿੱਚ ਕੁਝ ਕਿਸਾਨ ਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਪੁਲੀਸ ਤੇ ਕਿਸਾਨਾਂ ਵਿਚਾਲੇ ਕਈ ਘੰਟਿਆਂ ਤਕ ਧੱਕਾਮੁੱਕੀ ਹੋਈ। ਕਿਸਾਨਾਂ ਨੇ ਪੁਲੀਸ ਵੱਲੋਂ ਲਾਏ ਬੈਰੀਕੇਟ ਤੋੜ ਦਿੱਤੇ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ। ਕਾਬਿਲੇਗੌਰ ਹੈ ਕਿ ਨਗਰ ਪ੍ਰੀਸ਼ਦ ਚੇਅਰਪਰਸਨ ਦੀ ਅੱਜ ਚੋਣ ਹੋਣੀ ਸੀ, ਜਿਸ ਵਿੱਚ ਸੰਸਦ ਮੈਂਬਰ ਸੁਨੀਤਾ ਦੁੱਗਲ ਤੇ ਵਿਧਾਇਕ ਗੋਪਾਲ ਕਾਂਡਾ ਨੇ ਚੋਣ ਨਿਯਮਾਂ ਅਨੁਸਾਰ ਆਪਣੀ ਵੋਟ ਦੀ ਵਰਤੋਂ ਕਰਨੀ ਸੀ। ਕਿਸਾਨਾਂ ਵੱਲੋਂ ਦੋਵਾਂ ਨੇਤਾਵਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਸਥਿਤੀ ਕਾਫੀ ਤਣਾਅਪੂਰਨ ਬਣੀ ਰਹੀ।