ਪ੍ਰਭੂ ਦਿਆਲ
ਸਿਰਸਾ, 31 ਦਸੰਬਰ
ਇਥੋਂ ਦੇ ਪੰਚਾਇਤ ਭਵਨ ’ਚ ਅੱਜ ਲੰਮੇ ਸਮੇਂ ਮਗਰੋਂ ਦੁੱਖ ਨਿਵਾਰਣ ਸਮਿਤੀ ਦੀ ਮੀਟਿੰਗ ਚੇਅਰਮੈਨ ਤੇ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦਰਜਨ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਤੇ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਦੋ ਬੀਡੀਓ ਤੋਂ ਇਲਾਵਾ ਤਿੰਨ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਦਿੱਤੇ। ਮੀਟਿੰਗ ਦੌਰਾਨ ਕਰੋਨਾ ਨੇਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਗ੍ਰਹਿ ਮੰਤਰੀ ਨੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਰੋਜ਼ਾਨਾ ਇਕ ਘੰਟਾ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਨਿਰਦੇਸ਼ ਦਿੱਤੇ।