ਪੱਤਰ ਪ੍ਰੇਰਕ
ਕਾਲਾਂਵਾਲੀ, 4 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਬਰਗਾੜੀ ਬੇਅਦਬੀ, ਬਹਬਿਲ ਗੋਲੀਕਾਂਡ ਤੇ ਕੋਟਕਪੂਰਾ ਲਾਠੀਚਾਰਜ ਕਾਂਡ ਦਾ ਪੂਰਾ ਇਨਸਾਫ਼ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 2015 ਵਿੱਚ ਵਾਪਰੇ ਇਸ ਕਾਂਡ ਮਗਰੋਂ ਡੇਢ ਸਾਲ ਸਰਕਾਰ ਵਿੱਚ ਰਹੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਮਾਮਲੇ ਦੀ ਜਾਂਚ ਮੁਕੰਮਲ ਨਹੀਂ ਕਰਵਾਈ, ਸਗੋਂ ਡੇਰਾ ਸਿਰਸਾ ਦੇ ਮੁਖੀ ਤੇ ਉਸ ਦੇ ਪੈਰੋਕਾਰਾਂ ਦੀ ਪੁਸ਼ਤਪਨਾਹੀ ਕੀਤੀ। ਦਾਦੂਵਾਲ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਕਾਰਜਕਾਲ ਦੌਰਾਨ ਸੰਗਤ ਨੂੰ ਇਨਸਾਫ ਨਹੀਂ ਦਿਵਾਇਆ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀ ਇਸ ਪਾਸੇ ਕੋਈ ਹੀਲਾ ਕਰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਬੇਨਤੀ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਦਸ ਮਿੰਟ ਵੀ ਬੇਅਦਬੀ ਕੇਸ ਬਾਰੇ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਰਗਾੜੀ ਬੇਅਦਬੀ ਕਾਂਡ ’ਤੇ ਹੋਈ ਰਾਜਨੀਤੀ ਨੂੰ ਦੁਨੀਆਂ ਭਰ ਦੇ ਸਿੱਖ ਅਤੇ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਬਰਗਾੜੀ ਅਤੇ ਬਹਬਿਲ ਕਾਂਡ ਵਿੱਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਗੁਸਤਾਖ਼ੀ ਨਾ ਕੀਤੀ ਜਾਵੇ, ਸਗੋਂ ਨਿਰਪੱਖ ਜਾਂਚ ਕੀਤੀ ਜਾਵੇ।