ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਅਕਤੂਬਰ
ਵੋਟਾਂ ਦੀ ਗਿਣਤੀ ਨੂੰ ਲੈ ਕੇ ਪੁਲੀਸ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਗਿਣਤੀ ਦੌਰਾਨ 2000 ਪੁਲੀਸ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾਣ ਵਾਲੀਆਂ ਅਫਵਾਹਾਂ ’ਤੇ ਪੁਲੀਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਗਿਣਤੀ ਕੇਂਦਰਾਂ ਦੇ ਪੰਜ ਸੌ ਮੀਟਰ ਦੇ ਦਾਇਰੇ ਅੰਦਰ ਪਹਿਲਾਂ ਹੀ ਧਾਰਾ 163 ਲਾਗੂ ਕੀਤੀ ਗਈ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਸਿਰਸਾ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਕਰੀਬ 2000 ਜਵਾਨ ਤੇ ਅਧਿਕਾਰੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਵੱਖ-ਵੱਖ ਵਿਸ਼ੇਸ਼ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਐੱਸਪੀ ਨੇ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਦੇ ਪੁਲੀਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ। ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਅਫਵਾਹਾਂ ਤੋਂ ਦੂਰ ਰਹਿਣ।