ਸਿਰਸਾ (ਪ੍ਰਭੂ ਦਿਆਲ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਨਹਿਰ ਦਾ ਫ਼ੈਸਲਾ ਹਰਿਆਣਾ ਦੇ ਹੱਕ ਵਿੱਚ ਕੀਤਾ ਜਾ ਚੁੱਕਾ ਹੈ ਤੇ ਇਸ ਸਬੰਧੀ ਸਿਰਫ ਹੁਕਮ ਹੋਣੇ ਹੀ ਬਾਕੀ ਹਨ, ਜੋ ਕਿਸੇ ਵੀ ਸਮੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਗੱਲ ਕਰਨ ਲਈ ਕੇਂਦਰੀ ਜਲ ਸਰੋਤ ਮੰਤਰੀ ਨੂੰ ਪੱਤਰ ਲਿੱਖ ਦਿੱਤਾ ਗਿਆ ਹੈ। ਉਹ ਅੱਜ ਸੀਡੀਐੱਲਯੂ ਦੇ ਮਲਟੀਪਰਪਜ਼ ਹਾਲ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ‘ਆਪ’ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਦਾ ਵਿਰੋਧ ਵੀ ਕੀਤਾ। ਸ੍ਰੀ ਖੱਟਰ ਨੇ ਕਿਹਾ ਕਿ ਐੱਸਵਾਈਐੱਲ ਦੇ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਸਬੰਧੀ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਕੀਤਾ ਜਾ ਚੁੱਕਾ ਹੈ ਤੇ ਇਸ ਸਬੰਧੀ ਸਿਰਫ ਹੁਕਮ ਹੋਣੇ ਬਾਕੀ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ’ਤੇ ਤਨਜ਼ ਕਸਦਿਆਂ ਕਿਹਾ ਕਿ ਉਹ ਤਾਂ ਬੁਰੀ ਤਰ੍ਹਾਂ ਫਸ ਚੁੱਕੇ ਹਨ। ਉਨ੍ਹਾਂ ਦੇ ਗਲੇ ’ਚ ਅਜਿਹੀ ਹੱਡੀ ਫਸੀ ਹੈ ਜੋ ਨਾ ਉਹ ਨਿਗਲ ਸਕਦੇ ਹਨ ਤੇ ਨਾ ਬਾਹਰ ਕੱਢ ਸਕਦੇ ਹਨ।