ਪੱਤਰ ਪ੍ਰੇਰਕ
ਪਿਹੋਵਾ, 23 ਅਗਸਤ
ਇੰਡੀਅਨ ਯੂਥ ਕਾਂਗਰਸ ਦੇ ਆਗੂ ਹਰਮਨਦੀਪ ਸਿੰਘ ਵਿਰਕ ਨੇ ਦੱਸਿਆ ਕਿ ਪਿਹੋਵਾ ਦੇ ਛੋਟੇ ਪਿੰਡਾਂ ਨੂੰ ਜੋੜਨ ਵਾਲੀਆਂ ਕਈ ਸੜਕਾਂ ਅੱਜ ਵੀ ਆਪਣੀ ਦੁਰਦਸ਼ਾ ’ਤੇ ਹੰਝੂ ਵਹਾ ਰਹੀਆਂ ਹਨ| ਇਨ੍ਹਾਂ ਸੜਕਾਂ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਦੀ ਮੁਰੰਮਤ ਨਹੀਂ ਹੋਈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਹੋਵਾ ਹਲਕੇ ਦੇ ਪਿੰਡ ਮਲਿਕਪੁਰ ਤੋਂ ਮੰਡੀ ਵੱਲ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਮਾੜੀ ਹੈ ਅਤੇ ਪੁਲ ਤੰਗ ਹੈ। ਵਿਧਾਇਕ ਅਤੇ ਮੰਤਰੀ ਵੀ ਅਕਸਰ ਇਸ ਸੜਕ ਤੋਂ ਨਿਕਲਦੇ ਹਨ ਪਰ ਇਸ ਸੜਕ ਦੀ ਹਾਲਤ ਪਹਿਲਾਂ ਵਾਲੀ ਹੀ ਹੈ। ਹਰਮਨਦੀਪ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।