ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਰਹੀਆਂ ਹਨ। ਦੇਸ਼ ਅਤੇ ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਇਨਕਲਾਬੀ ਤਬਦੀਲੀ ਆਈ ਹੈ। ਡਬਲ ਇੰਜਣ ਵਾਲੀ ਸਰਕਾਰ ਨੇ ਨਵੀਆਂ ਸਕੀਮਾਂ ਸ਼ੁਰੂ ਕਰ ਕੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ 9ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਦੀ ਜੀਵਨੀ ਸ਼ਾਮਲ ਕੀਤੀ ਹੈ। ਮੁੱਖ ਮੰਤਰੀ ਡੇਰਾ ਬਾਬਾ ਭੂਮਣਸ਼ਾਹ ਸੰਗਰ ਸਰਸਤਾ ਵਿੱਚ ਸ਼ਹੀਦੀ ਸੰਮੇਲਨ ਵਿੱਚ ਪੁੱਜੇ ਹੋਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾ ਕੇ ਸ਼ਰਧਾਂਜਲੀ ਭੇਟ ਕੀਤੀ।