ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਅਗਸਤ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਸੂਬੇ ਦੀ ਭਾਜਪਾ ਸਰਕਾਰ ਝੂਠੇ ਵਾਅਦੇ ਕਰਕੇ ਜਿੱਥੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਉਥੇ ਹੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਇਸ ਕਾਰਨ ਹਰ ਵਿਭਾਗ ਦੇ ਕਰਮਚਾਰੀ ਹੜਤਾਲ ਕਰਨ ਲਈ ਮਜਬੂਰ ਹੋ ਰਹੇ ਹਨ। ਕਿਸਾਨ ਲੰਮੇ ਸਮੇਂ ਤੋਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕ ਰਹੀ। ਸੂਬੇ ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਉਂਦੇ ਹੀ ਸਭ ਤੋਂ ਪਹਿਲਾਂ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਨੂੰ ਭੰਗ ਕਰਕੇ ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦੇਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਗਨੀਵੀਰਾਂ ਦੀ ਭਰਤੀ ਕਰਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਅੱਠ ਹਜ਼ਾਰ ਅਸਾਮੀਆਂ ਖਾਲੀ ਹਨ। ਭਾਜਪਾ ਸਰਕਾਰ ਨੂੰ ਨੌਜਵਾਨ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਭਾਜਪਾ ਸਰਕਾਰ ਕਈ ਤਰ੍ਹਾਂ ਦੇ ਐਲਾਨ ਕਰਕੇ ਜਨਤਾ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ।