ਨਵੀਂ ਦਿੱਲੀ, 24 ਜੂਨ
ਸੁਪਰੀਮ ਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ ਜਿਸ ਵਿੱਚ ਭਰਤੀ ਪ੍ਰੀਖਿਆਵਾਂ ’ਚ ਹਰਿਆਣਾ ਦੇ ਵਸਨੀਕਾਂ ਨੂੰ ਵਾਧੂ ਅੰਕ ਦੇਣ ਦੀ ਸੂਬਾ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਸੀ। ਹਰਿਆਣਾ ਸਰਕਾਰ ਦੀ ਨੀਤੀ ਨੂੰ ‘ਲੋਕ ਲੁਭਾਊ ਢੰਗ’ ਕਰਾਰ ਦਿੰਦਿਆਂ ਜਸਟਿਸ ਅਭੈ ਐੱਸ ਓਕਾ ਤੇ ਜਸਟਿਸ ਰਾਜੇਸ਼ ਬਿੰਦਲ ਦੇ ਵੈਕੇਸ਼ਨ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ ਸੂਬਾ ਸਰਕਾਰ ਦੀਆਂ ਨੌਕਰੀਆਂ ’ਚ ਕੁਝ ਵਰਗਾਂ ਦੇ ਉਮੀਦਵਾਰਾਂ ਨੂੰ ਵਾਧੂ ਅੰਕ ਦੇਣ ਲਈ ਹਰਿਆਣਾ ਸਰਕਾਰ ਵੱਲੋਂ ਤੈਅ ਸਮਾਜਿਕ-ਆਰਥਿਕ ਪੈਮਾਨਿਆਂ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਸੀ। -ਪੀਟੀਆਈ