ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਨਵੰਬਰ
ਹਰਿਆਣਾ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸੱਤਾਧਾਰੀ ਧਿਰ ਭਾਜਪਾ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਹੰਗਾਮਾ ਹੋਇਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਣੇ ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿੱਚ ਕਿਸਾਨੀ, ਬੇਰੁਜ਼ਗਾਰੀ, ਮਹਿੰਗਾਈ ਤੇ ਸੂਬੇ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਤਲ ਦੀ ਦਰ ਇਕ ਲੱਖ ਵਿਅਕਤੀਆਂ ਦੇ ਪਿੱਛੇ 9 ਸੀ, ਜੋ ਅੱਜ ਘਟ ਕੇ 3 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਵਧੇਰੇ ਕਾਰਜ ਕੀਤੇ ਜਾ ਰਹੇ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲਿਆ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਟੌਤੀ ਹੋਈ ਅਤੇ ਕਿਸਾਨਾਂ ਲਈ ਡੀਏਪੀ ਖਾਦ ਦਾ ਪੁਖਤਾ ਪ੍ਰਬੰਧ ਵੀ ਪਹਿਲਾਂ ਹੀ ਕਰ ਦਿੱਤਾ ਹੈ।