ਪੱਤਰ ਪ੍ਰੇਰਕ
ਏਲਨਾਬਾਦ, 17 ਅਪਰੈਲ
ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅੱਜ ਰਾਣੀਆਂ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਹੁਕਮ ਦਿੱਤੇ। ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਨਿਆਂ ਦੇਣ ਲਈ ਵਚਨਬੱਧ ਹੈ। ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਕਾਰਨ ਜੋ ਕੰਮ ਨਹੀਂ ਹੋ ਸਕੇ ਉਨ੍ਹਾਂ ਨੂੰ ਹੁਣ ਜਲਦੀ ਪੂਰਾ ਕਰਵਾਇਆ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ 5600 ਪਿੰਡਾਂ ਵਿੱਚ ਹੁਣ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਇੱਕ ਸਾਲ ਵਿੱਚ ਸੂਬੇ ਦੇ ਹਰ ਪਿੰਡ ਵਿੱਚ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾ ਰਹੇ ਹਨ ਅਤੇ ਨਵੇਂ ਕੁਨੈਕਸ਼ਨਾਂ ਲਈ ਤਿੰਨ ਮਹੀਨੇ ਬਾਅਦ ਪੋਰਟਲ ਨੂੰ ਖੋਲ੍ਹ ਦਿੱਤਾ ਜਾਵੇਗਾ।