ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਨਵੰਬਰ
ਹਰਿਆਣਾ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕਾਰਜ ਅੱਜ ਸ਼ੁਰੂ ਹੋ ਗਿਆ ਜੋ 28 ਅਕਤੂਬਰ ਤੱਕ ਭਰੇ ਜਾਣਗੇ। ਬਲਾਕ ਸਮਿਤੀ, ਜ਼ਿਲ੍ਹਾ ਪਰਿਸ਼ਦ ਲਈ 9 ਅਤੇ ਪੰਚ ਸਰਪੰਚ ਅਹੁਦੇ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਜ਼ਿਲ੍ਹਾ ਚੋਣ ਅਧਿਕਾਰੀ ਨੇ ਪੰਚਾਇਤੀ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਅਸਲਾ ਲਾਈਸੈਂਸ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਸੰਟਰਾਂਗ ਰੂਮ ਦਾ ਜਾਇਜ਼ਾ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪਰਿਸ਼ਦ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ’ਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ਲਈ ਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 21 ਤੋਂ 28 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਲਈ ਮਿਨੀ ਸਕੱਤਰੇਤ ਦੇ ਕਮਰਾ ਨੰਬਰ 59 ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਨ ਕਰਵਾਉਣ ਦੇ ਲਈ ਅਸਲਾ ਲਾਈਸੈਂਸ ਧਾਰਕਾਂ ਦਾ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਹੜੇ ਲੋਕ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਦੇ ਲਾਈਸੈਂਸ ਰੱਦ ਕੀਤੇ ਜਾਣਗੇ।