ਨਿਜੀ ਪੱਤਰ ਪ੍ਰੇਰਕ
ਅੰਬਾਲਾ, 20 ਸਤੰਬਰ
ਸੁਪਰੀਮ ਕੋਰਟ ਦੇ ਡਬਲ ਬੈਂਚ ਵੱਲੋਂ ਹਰਿਆਣਾ ਸਰਕਾਰ ਵੱਲੋਂ ਸਾਲ 2014 ਵਿੱਚ ਪਾਸ ਕੀਤੇ ਗਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਾਨੂੰਨ ਨੂੰ ਸਹੀ ਠਹਿਰਾਉਣ ਦੇ ਦਿੱਤੇ ਗਏ ਫ਼ੈਸਲੇ ਨਾਲ ਹਰਿਆਣਾ ਦੇ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਹੈ।ਅੱਜ ਅੰਬਾਲਾ ਦੇ ਸਿੱਖਾਂ ਨੇ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਸ਼ਹਿਰ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਖਰੀ ਕਮੇਟੀ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਮਛੌਂਡਾ ਦੀ ਅਗਵਾਈ ਵਿਚ ਇਕੱਠੇ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ। ਉਸ ਤੋਂ ਬਾਅਦ ਇਹ ਲੋਕ ਹਰਿਆਣਾ ਸਰਕਾਰ ਦਾ ਸ਼ੁਕਰੀਆ ਅਦਾ ਕਰਨ ਲਈ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਨਿਵਾਸ ’ਤੇ ਪਹੁੰਚੇ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਛੌਂਡਾ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਵਰਤਮਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਹਰਿਆਣਾ ਦੇ ਸਿੱਖਾਂ ਨੂੰ ਆਪਣੇ ਗੁਰੂ ਘਰਾਂ ਦੀ ਸੇਵਾ ਸੰਭਾਲ ਦਾ ਚਿਰੋਕਣਾ ਹੱਕ ਮਿਲਿਆ ਹੈ।