ਫਰੀਦਾਬਾਦ:
ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਹੁਣ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ ।ਭਾਜਪਾ ਕਾਂਗਰਸ ਤੇ ਹੋਰ ਪਾਰਟੀਆਂ ਦੇ ਉਮੀਦਵਾਰਾਂ ਦੇ ਸਮਰਥਕਾਂ ਨੇ ਆਪਣੇ ਘਰਾਂ ਉੱਪਰ ਝੰਡੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਪ੍ਰਚਾਰ ਵਿੱਚ ਤੇਜ਼ੀ ਆ ਗਈ ਹੈ। ਇਸ ਦੌਰਾਨ ਫਰੀਦਾਬਾਦ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਚੌਧਰੀ ਮਹਿੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਜਪਾ ਤੋਂ ਪਿੱਛਾ ਛੁਡਵਾਉਣ ਦਾ ਦਾ ਸਹੀ ਸਮਾਂ ਆ ਗਿਆ ਹੈ ਕਿਉਂਕਿ ਲੋਕਤੰਤਰ ’ਚ ਵੋਟ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਵੋਟ ਦੀ ਤਾਕਤ ਦਾ ਅਹਿਸਾਸ ਕਰਵਾਓ। ਮਹਿੰਦਰ ਪ੍ਰਤਾਪ ਸਿੰਘ ਪਲਵਲ ਦੇ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪਲਵਲ ਦੇ ਸਾਬਕਾ ਵਿਧਾਇਕ ਸੁਭਾਸ਼ ਚੌਧਰੀ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਿਜੇਂਦਰ ਛੰਤ, ਯੂਥ ਕਾਂਗਰਸ ਦੇ ਕੌਮੀ ਸਕੱਤਰ ਤੇ ਹਰਿਆਣਾ ਦੇ ਇੰਚਾਰਜ ਸੱਤਿਆਭਾਨ ਗਹਿਲੋਤ ਅਤੇ ਯੂਥ ਕਾਂਗਰਸ ਹਰਿਆਣਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਮਯੰਕ ਚੌਧਰੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ