ਜਗਤਾਰ ਸਮਾਲਸਰ
ਏਲਨਾਬਾਦ, 8 ਨਵੰਬਰ
ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਫਾਸਟ ਟਰੈਕ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵੱਲੋਂ ਜੁਰਮਾਨੇ ਦੀ ਰਕਮ ਅਦਾ ਨਾ ਕਰਨ ’ਤੇ ਛੇ ਮਹੀਨੇ ਦੀ ਵਾਧੂ ਕੈਦ ਭੁਗਤਣੀ ਪਵੇਗੀ। ਇਸ ਮਾਮਲੇ ਵਿੱਚ ਪੀੜਤਾ ਨੂੰ ਤਿੰਨ ਸਾਲ ਚਾਰ ਮਹੀਨਿਆਂ ਬਾਅਦ ਅਦਾਲਤ ਤੋਂ ਇਨਸਾਫ਼ ਮਿਲਿਆ ਹੈ। ਜਾਣਕਾਰੀ ਅਨੁਸਾਰ 7 ਜੁਲਾਈ 2021 ਨੂੰ ਰਾਣੀਆਂ ਥਾਣਾ ਖੇਤਰ ਵਿੱਚ ਇੱਕ ਨੌਜਵਾਨ ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਨਾਬਾਲਗ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਥਾਣਾ ਰਾਣੀਆਂ ਦੀ ਪੁਲੀਸ ਨੇ ਦੋਸ਼ੀ ਰਾਮ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਨਾਬਾਲਗ ਦੀ ਭਾਲ ਸ਼ੁਰੂ ਕੀਤੀ ਸੀ। ਦੋ ਦਿਨਾਂ ਬਾਅਦ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਪੁਲੀਸ ਨੇ ਨਾਬਾਲਗ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਤਾਂ ਜਬਰ-ਜਨਾਹ ਦੀ ਪੁਸ਼ਟੀ ਹੋਣ ’ਤੇ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁੱਛ-ਪੜਤਾਲ ਦੌਰਾਨ ਮੁਲਜ਼ਮ ਰਾਮ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਪਹਿਲਾ ਨਾਬਾਲਗ ਨੂੰ ਕਿਸੇ ਪਿੰਡ ਲੈ ਗਿਆ ਸੀ, ਜਿੱਥੇ ਉਸ ਨੇ ਜਬਰ-ਜਨਾਹ ਕੀਤਾ। ਉਪਰੰਤ ਉਹ ਨਾਬਾਲਗ ਨੂੰ ਰਾਜਸਥਾਨ ਦੇ ਸੂਰਤਗੜ੍ਹ ਲੈ ਗਿਆ ਅਤੇ ਬਾਅਦ ਵਿੱਚ ਉਸ ਨੂੰ ਏਲਨਾਬਾਦ ਲੈ ਆਇਆ। ਅੱਜ ਫੈਸਲਾ ਸੁਣਾਉਂਦੇ ਹੋਏ ਫਾਸਟ ਟਰੈਕ ਅਦਾਲਤ ਦੇ ਜੱਜ ਪਰਵੀਨ ਕੁਮਾਰ ਨੇ ਰਾਮ ਕੁਮਾਰ ਨੂੰ ਜਬਰ-ਜਨਾਹ ਦਾ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸ਼ਜਾ ਸੁਣਾਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਕਾਫੀ ਸੁਰਖੀਆਂ ਵਿਚ ਰਿਹਾ ਸੀ।