ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਜਨਵਰੀ
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਇਸ ਵਾਰ ਕੇਂਦਰੀ ਬਜਟ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਪੇਸ਼ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਦੇਸ਼ ਦੀਆਂ ਨਦੀਆਂ ਨੂੰ ਆਪਸ ’ਚ ਜੋੜੇ ਜਾਣ ਦੇ ਪੈਕੇਜ ਦਾ ਵੀ ਐਲਾਨ ਕੀਤਾ ਜਾਵੇਗਾ। ਉਹ ਅੱਜ ਆਪਣੇ ਨਿਵਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਈ-ਵਾਹਨਾਂ ਨੂੰ ਹੱਲਾਸ਼ੇਰੀ ਦੇਣ ਲਈ ਸਰਕਾਰ ਨੀਤੀ ਤਿਆਰ ਕਰ ਰਹੀ ਹੈ।
ਚਾਰਜਿੰਗ ਸਟੇਸ਼ਨ ਸਥਾਪਤ ਕਰਨ ਵਾਲਿਆਂ ਨੂੰ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਚੋਣਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਭਾਜਪਾ ਉਨ੍ਹਾਂ ਦੀ ਡਿਊਟੀ ਪੰਜਾਬ ਚੋਣਾਂ ਦੇ ਪ੍ਰਚਾਰ ਲਈ ਲਾਏਗੀ ਤਾਂ ਉਹ ਜ਼ਰੂਰ ਚੋਣ ਪ੍ਰਚਾਰ ਕਰਨ ਲਈ ਜਾਣਗੇ। ਕਿਸਾਨਾਂ ਵੱਲੋਂ ਮਨਾਏ ਜਾ ਰਹੇ ਵਿਸ਼ਵਾਸਘਾਤ ਦਿਵਸ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪੰਜਾਬ ਦੀਆਂ ਚੋਣਾਂ ’ਚ ਰੁਝੇ ਹੋਏ ਹਨ, ਉਹ ਪਹਿਲਾਂ ਪੰਜਾਬ ਦੀਆਂ ਚੋਣਾਂ ਲੜ ਲੈਣ ਫਿਰ ਉਸ ਤੋਂ ਬਾਅਦ ਅੰਦੋਲਨ ਕਰ ਲੈਣ। ਉਨ੍ਹਾਂ ਪੰਜਾਬ ’ਚ ‘ਆਪ’ ਦੇ ਸਰਵੇ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਬਹੁਤ ਵਾਰ ਚੋਣ ਸਰਵੇ ਗਲਤ ਸਾਬਿਤ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਆਂਗਣਵਾੜੀ ਯੂਨੀਅਨ ਦੇ ਵਫ਼ਦ ਨਾਲ ਗੱਲ ਕੀਤੀ ਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਆਗੂਆਂ ਨਾਲ ਚਰਚਾ ਕੀਤੀ। ਦੱਸਣਯੋਗ ਹੈ ਕਿ ਆਂਗਣਵਾੜੀ ਵਰਕਰ ਪਿਛਲੇ ਦੋ ਮਹੀਨਿਆਂ ਤੋਂ ਕੇਂਦਰਾਂ ਨੂੰ ਜਿੰਦਰੇ ਲਾ ਕੇ ਪ੍ਰਦਰਸ਼ਨ ਕਰ ਰਹੀਆਂ ਹਨ।