ਆਤਿਸ਼ ਗੁਪਤਾ
ਚੰਡੀਗੜ੍ਹ, 1 ਸਤੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਗੁਲਾਮ ਨਬੀ ਆਜ਼ਾਦ ਨਾਲ ਮੁਲਾਕਾਤ ਤੋਂ ਬਾਅਦ ਹਰਿਆਣਾ ਕਾਂਗਰਸ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਹੈ। ਹਰਿਆਣਾ ਕਾਂਗਰਸ ਦੇ ਆਗੂਆਂ ਵੱਲੋਂ ਪਾਰਟੀ ਹਾਈਕਮਾਂਡ ਕੋਲੋਂ ਹੁੱਡਾ ਦੀ ਜਵਾਬਦੇਹੀ ਦੀ ਮੰਗ ਕੀਤੀ ਜਾ ਰਹੀ ਹੈ। ਹਰਿਆਣਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਸੀਨੀਅਰ ਆਗੂ ਕੁਮਾਰੀ ਸ਼ੈਲਜਾ ਵੱਲੋਂ ਵੀ ਪਾਰਟੀ ਦੀ ਕੌਮੀ ਜਨਰਲ ਸਕੱਤਰ ਕੇਸੀ ਵੈਣੂਗੋਪਾਲ ਅਤੇ ਸੂਬਾ ਇੰਚਾਰਜ ਵਿਵੇਕ ਬਾਂਸਲ ਤੋਂ ਹੁੱਡਾ ਨੂੰ ਕਾਰਨ ਦੱਸੋਂ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸ਼ੈਲਜਾ ਵੱਲੋਂ ਜਲਦ ਹੀ ਪਾਰਟੀ ਹਾਈਕਮਾਂਡ ਨੂੰ ਪੱਤਰ ਵੀ ਲਿਖਿਆ ਜਾਵੇਗਾ। ਦੱਸਣਯੋਗ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਮੰਗਲਵਾਰ ਨੂੰ ਕਾਂਗਰਸ ਦੇ ਸਾਬਕਾ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨਾਲ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ।